CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਹੈ। ‘ਆਪ ਦੀ ਸਰਕਾਰ, ਆਪ ਦੇ ਦੁਆਰ’ ਦੇ ਪ੍ਰੋਗਰਾਮ ਤਹਿਤ ਪੂਰੇ ਪੰਜਾਬ ਵਿੱਚ ਕਈ ਕੈਂਪ ਲਗਾਉਣ ਦੀ ਯੋਜਨਾ ਹੈ। ਅੱਜ (6 ਫਰਵਰੀ) ਤੋਂ CM ਵੱਲੋਂ ਸ਼ੁਰੂ ਕੀਤੇ ਜਾ ਰਹੇ ਇਨ੍ਹਾਂ ਕੈਂਪਾਂ ਨੂੰ ਜ਼ਿਲ੍ਹਿਆਂ ਵਿੱਚ ਅਸਰਦਾਰ ਬਣਾਉਣ ਲਈ ਸਿਖਲਾਈ ਪ੍ਰੋਗਰਾਮ ਤਿਆਰ ਕੀਤਾ ਹੈ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੇਜ਼ੀ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਦੇ ਨਾਲ ਹੀ ਭਗਵੰਤ ਮਾਨ ਅੱਜ ਦੁਪਹਿਰ ਵੇਲੇ ਡੇਰਾਬੱਸੀ ਦੇ ਪਿੰਡ ਭਾਂਖਰਪੁਰ ਦੀ ਸੱਥ ਵਿੱਚ ਨਿੱਜੀ ਤੌਰ ‘ਤੇ ਪਹੁੰਚ ਕੇ ਲੋਕਾਂ ਦੀਆਂ ਚਿੰਤਾਵਾਂ ਅਤੇ ਮਸਲਿਆਂ ਦਾ ਤੁਰੰਤ ਅਤੇ ਸੁਚਾਰੂ ਢੰਗ ਨਾਲ ਹੱਲ ਕਰਨਗੇ। ਇਸ ਮਿਸ਼ਨ ਤਹਿਤ ਲੋਕਾਂ ਨੂੰ ਇਕ ਸਥਾਨ ਤੋਂ ਦੂਜੇ ਸਥਾਨ ‘ਤੇ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਹੈ, ਕਿਉਂਕਿ ਉਹਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕੀਤਾ ਜਾਵੇਗਾ ਅਤੇ ਉਹਨਾਂ ਦਾ ਕੀਮਤੀ ਸਮਾਂ ਵੀ ਬਚਾਇਆ ਜਾਵੇਗਾ।
ਇਸ ਸਬੰਧੀ CM ਮਾਨ ਨੇ ਟਵੀਟ ਕਰਕੇ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’, ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ ‘ਚ ਹੀ ਹੋਣਗੇ… ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ‘ਤੇ ਹੱਲ ਕਰਨ ਲਈ ਅੱਜ ਅਸੀਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਮੈਂ ਖੁਦ ਡੇਰਾਬੱਸੀ ਦੇ ਭਾਂਖਰਪੁਰ ਦੇ ਕੈਂਪ ‘ਚ ਪਹੁੰਚ ਰਿਹਾ ਹਾਂ। ਵੋਟਾਂ ਤੁਹਾਡੇ ਤੋਂ ਪਿੰਡ-ਪਿੰਡ ਆਕੇ ਮੰਗੀਆਂ ਸਨ ਤਾਂ ਹੁਣ ਸਰਕਾਰ ਕੰਮ ਕਰਨ ਲਈ ਵੀ ਪਿੰਡ-ਪਿੰਡ ਆਵੇਗੀ।
ਇਸ ਤੋਂ ਇਲਾਵਾ, ਪੰਜਾਬ ‘ਚ ਰਾਜ ਸਰਕਾਰ ਨੇ ਹਾਲ ਹੀ ਵਿੱਚ ਨਾਗਰਿਕ ਨੂੰ ਸੇਵਾਵਾਂ ਦੇਣ ਲਈ ਨਵੀਂ ਸਕੀਮ ਸ਼ੁਰੂ ਕੀਤੀ ਹੈ। ਇਸ ਸਕੀਮ ਦਾ ਮੁਢਲਾ ਟੀਚਾ ਹੈ ਕਿ ਲੋਕਾਂ ਦੀਆਂ ਲੋੜਾਂ ਅਤੇ ਚਿੰਤਾਵਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨਾਂ ਦੇ ਨੇੜੇ ਵਿਸ਼ੇਸ਼ ਕੈਂਪ ਲਗਾ ਕੇ ਤੁਰੰਤ ਅਤੇ ਪ੍ਰਭਾਵੀ ਢੰਗ ਨਾਲ ਹੱਲ ਕੀਤਾ ਜਾਵੇ।