ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲ ਗਈ ਹੈ। ਖਹਿਰਾ NDPS ਮਾਮਲੇ ‘ਚ 28 ਸਤੰਬਰ 2023 ਤੋਂ ਜੇਲ੍ਹ ‘ਚ ਸਨ। ਇਹ ਮਾਮਲਾ 2015 ਦਾ ਦੱਸਿਆ ਜਾ ਰਿਹਾ ਜਿਸ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਲਾਲਾਬਾਦ ਜ਼ਿਲ੍ਹਾ ਪੁਲਿਸ ਨੇ 28 ਸਤੰਬਰ ਨੂੰ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ।
ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਦਿੱਤੀ ਹੈ। ਖੈਰਾ ਦੀ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਮਿਲ ਗਈ ਹੈ ਹਾਲਾਂਕਿ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਵੱਡੇ ਇਲਜ਼ਾਮ ਲਗਾਏ ਹਨ ਕਿ NDPS ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਖਿਲਾਫ ਇਕ ਹੋਰ ਐਫ.ਆਈ.ਆਰ. ਦਰਜ ਕਰ ਦਿੱਤੀ ਹੈ। ਥਾਣਾ ਸੁਭਾਨਪੁਰ ‘ਚ 195ਏ ਅਤੇ 506 ਆਈ.ਪੀ.ਸੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹਨਾਂ ਕਾਰਨਾਂ ਕਰਕੇ ਸੁਖਪਾਲ ਖਹਿਰਾ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਚ ਅਟਕਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਖਹਿਰਾ ਖਿਲਾਫ਼ ਸ਼ੁਰੂ ਤੋਂ ਹੀ ਗਲਤ ਮਾਮਲੇ ਦਰਜ ਕੀਤੇ ਜਾ ਰਹੇ ਹਨ, ਕਿਉੰਕਿ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਜਿਹੇ ‘ਚ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।