ਸੰਸਦ ਮੈਂਬਰ Gurjeet Singh Aujla ਨੇ ਪੰਜਾਬ ਸਰਕਾਰ ‘ਤੇ ਸਿੱਧਾ ਨਿਸ਼ਾਨਾ ਸਾਧਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੈ ਕਿ ਇਹ ਬਿਨਾਂ ਵਾਈਸ ਚਾਂਸਲਰ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ 55 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ ਅਤੇ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੀ ਸੰਭਵ ਹੋ ਸਕਿਆ ਹੈ।
ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ VC ਡਾ.ਜਸਪਾਲ ਸਿੰਘ ਸੰਧੂ ਦਾ ਕਾਰਜਕਾਲ 16 ਨਵੰਬਰ 2024 ਨੂੰ ਖਤਮ ਹੋ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਨੇ 2017 ‘ਚ ਕੀਤੀ ਸੀ। ਇਸ ਤੋਂ ਬਾਅਦ 2020 ‘ਚ ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ। ਫਿਰ 6 ਮਹੀਨੇ ਪਹਿਲਾਂ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ 6 ਮਹੀਨੇ ਦਾ ਵਾਧਾ ਦਿੱਤਾ ਸੀ। ਉਸ ਤੋਂ ਬਾਅਦ ਉਨ੍ਹਾਂ ਦਾ ਕਾਰਜਕਾਲ ਖਤਮ ਹੋਏ 5 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਨਵੇਂ VC ਦੀ ਨਿਯੁਕਤੀ ਨਹੀਂ ਕੀਤੀ ਗਈ।
Gurjeet Aujla ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਦਾਅਵੇ ਕਰਦੀ ਹੈ ਪਰ ਅਸਲੀਅਤ ਤੋਂ ਕੋਹਾਂ ਦੂਰ ਹੈ। ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ‘ਤੇ ਲਏ ਜਾਣ ਵਾਲੇ ਫੈਸਲਿਆਂ ‘ਚ ਵੀ ਦੇਰੀ ਕੀਤੀ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਕਿਸੇ ਵੀ ਮੁੱਦੇ ‘ਤੇ ਗੰਭੀਰ ਨਹੀਂ ਹੈ ਅਤੇ ਸਿੱਖਿਆ ਨੂੰ ਸਿਰਫ਼ ਆਪਣੇ ਮਕਸਦਾਂ ਲਈ ਹੀ ਵਰਤ ਰਹੀ ਹੈ।
Aujla ਨੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਹੀ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਅਜਿਹੇ ਮੁੱਦਿਆਂ ‘ਤੇ ਸਮੇਂ ਸਿਰ ਫੈਸਲੇ ਲੈਣੇ ਚਾਹੀਦੇ ਹਨ। ਯੂਨੀਵਰਸਿਟੀ ਦਾ VC ਬਹੁਤ ਹੀ ਮਹੱਤਵਪੂਰਨ ਅਹੁਦਾ ਹੈ ਜਿਸ ਦਾ ਬਾਕੀ ਰਹਿ ਜਾਣਾ ਸਿੱਖਿਆ ਲਈ ਹਾਨੀਕਾਰਕ ਹੈ। ਇਸ ਲਈ ਉਹ ਮੰਗ ਕਰਦੇ ਹਨ ਕਿ ਪੰਜਾਬ ਸਰਕਾਰ ਗੈਰ-ਜ਼ਰੂਰੀ ਮੁੱਦਿਆਂ ਨੂੰ ਛੱਡ ਕੇ ਪੰਜਾਬ ਦੇ ਅਹਿਮ ਮੁੱਦਿਆਂ ਵੱਲ ਧਿਆਨ ਦੇਵੇ ਅਤੇ ਜਲਦੀ ਤੋਂ ਜਲਦੀ VC ਦੀ ਨਿਯੁਕਤੀ ਕਰੇ।