ਭਾਵੇਂ ਸੂਬੇ ਭਰ ਵਿੱਚ ਝੋਨੇ ਦੀ ਵਾਢੀ ਮੁਕੰਮਲ ਹੋ ਚੁੱਕੀ ਹੈ ਪਰ ਸਥਾਨਕ ਮੰਡੀਆਂ ਵਿੱਚ ਆਪਣੀ ਫ਼ਸਲ ਦੇਰੀ ਨਾਲ ਪੁੱਜਣ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਦੇ ਵਿਰੋਧ ਵਿੱਚ ਉਨ੍ਹਾਂ ਨੇ ਬੀਤੇ ਐਤਵਾਰ ਪੰਜਾਬ ਬੰਦ ਕਰਕੇ ਧਰਨਾ ਦਿੱਤਾ। ਅੱਜ ਪੰਜਾਬ ਦੇ CM Mann ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ।
ਜ਼ਿਕਰਯੋਗ, ਮੀਟਿੰਗ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਹ ਖੁਦ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਕਿਸਾਨਾਂ ਨਾਲ ਮੀਟਿੰਗ ਦੌਰਾਨ CM Mann ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਹਰ ਹਾਲ ਵਿੱਚ ਪਹਿਲ ਦੇਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਲਈ ਬੈਕਅੱਪ ਯੋਜਨਾ ਹੈ ਅਤੇ ਜੇਕਰ ਲੋੜ ਪਈ ਤਾਂ ਸਰਕਾਰ ਦੂਜੇ ਰਾਜਾਂ ਤੋਂ ਮਿਲਿੰਗ ਦੀ ਸੋਸਿੰਗ ਸਮੇਤ ਮੁਸ਼ਕਲ ਫੈਸਲੇ ਲੈਣ ਲਈ ਤਿਆਰ ਹੈ।
CM Mann ਨੇ ਦੱਸਿਆ ਕਿ 18.31 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਲਿਆਂਦਾ ਗਿਆ ਹੈ, ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੰਡੀਆਂ ਵਿੱਚ ਜੋ ਝੋਨਾ ਆਇਆ ਹੈ, ਉਸ ਵਿੱਚੋਂ 90 ਫੀਸਦੀ ਤੱਕ ਸਰਕਾਰ ਖਰੀਦ ਚੁੱਕੀ ਹੈ। CM Mann ਨੇ ਕਿਸਾਨ ਆਗੂਆਂ ਨੂੰ ਗਾਰੰਟੀ ਦਿੱਤੀ ਕਿ ਉਨ੍ਹਾਂ ਦੀ ਮਿਹਨਤ ਨਾਲ ਉਗਾਈ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਵੇਚੀ ਜਾਵੇਗੀ।
ਇਸ ਤੋਂ ਇਲਾਵਾ CM Mann ਨੇ ਇਹ ਵੀ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਝੋਨਾ ਵੇਚਣ ਲਈ ਕਿਸਾਨਾਂ ‘ਤੇ ਦਬਾਅ ਪਾਉਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। CM Mann ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਅਦਾਇਗੀਆਂ ਲਈ 3000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਚਰਚਾ ਕੀਤੀ।