ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ ਕਿਉਂਕਿ ਲੋਕ ਸਭਾ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੋਟਰ ਸੂਚੀ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਹਨ।
ਜਦਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਪੰਚਾਇਤਾਂ ਦੀ ਮਿਆਦ ਦਸੰਬਰ ਵਿੱਚ ਖ਼ਤਮ ਹੋ ਗਈ ਸੀ ਅਤੇ ਲੋਕ ਸਭਾ ਚੋਣਾਂ ਪੂਰੀਆਂ ਹੋਣ ਤੱਕ ਡਿਪਟੀ ਕਮਿਸ਼ਨਰਾਂ ਨੂੰ ਅਸਥਾਈ ਤੌਰ ‘ਤੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ, ਹੁਣ ਜਦੋਂ ਚੋਣਾਂ ਸਿਰੇ ਚੜ੍ਹ ਗਈਆਂ ਹਨ ਤਾਂ ਸਰਕਾਰ ਪੰਚਾਇਤੀ ਚੋਣਾਂ ਲਈ ਯੋਜਨਾਵਾਂ ਬਣਾ ਕੇ ਅੱਗੇ ਵਧ ਰਹੀ ਹੈ। ਪੰਜਾਬ ‘ਚ ਕੁੱਲ 13241 ਪੰਚਾਇਤਾਂ, 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ। ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹਨ, ਜਦਕਿ 1022 ਨਾਲ ਪਟਿਆਲਾ ਦੂਜੇ ਨੰਬਰ ‘ਤੇ ਹੈ।