ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ, ਹੁਣ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਸਵਾਰੀ ਕਰਦੇ ਸਮੇਂ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। 29 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ HC ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੇ ਬੈਂਚ ਨੇ ਇੱਕ ਹੁਕਮ ਜਾਰੀ ਕੀਤਾ ਸੀ, ਜਿਸ ਨੂੰ ਹੁਣ ਜਨਤਕ ਕਰ ਦਿੱਤਾ ਗਿਆ ਹੈ।
HC ਨੇ ਖਾਸ ਤੌਰ ‘ਤੇ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਛੋਟ ਦਿੱਤੀ ਹੈ। ਇਸ ਮਾਮਲੇ ‘ਚ ਅਦਾਲਤ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀ ਪੁਲਿਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਦੇ ਨਾਲ-ਨਾਲ ਬਾਈਕ ‘ਤੇ ਸਵਾਰੀਆਂ ਨੂੰ ਲਗਾਏ ਗਏ ਜੁਰਮਾਨਿਆਂ ਦੀ ਜਾਣਕਾਰੀ ਮੰਗੀ ਹੈ। ਅਦਾਲਤ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਣੀ ਹੈ।
ਇਸ ਤੋਂ ਇਲਾਵਾ HC ਦੇ ਫੈਸਲੇ ‘ਚ ਕਿਹਾ ਗਿਆ ਹੈ ਕਿ ਨਿਯਮ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਨਗੇ ਜੋ ਦੋਪਹੀਆ ਵਾਹਨ ‘ਤੇ ਸਵਾਰ ਹਨ। ਇਹ ਹੁਕਮ ਹਰ ਤਰ੍ਹਾਂ ਦੇ ਮੋਟਰਸਾਈਕਲਾਂ ‘ਤੇ ਲਾਗੂ ਹੋਵੇਗਾ। ਹਾਲਾਂਕਿ, ਇਹ ਉਨ੍ਹਾਂ ਸਿੱਖ ਵਿਅਕਤੀਆਂ ‘ਤੇ ਲਾਗੂ ਨਹੀਂ ਹੁੰਦਾ ਜੋ ਬਾਈਕ ‘ਤੇ ਸਵਾਰ ਹੋਣ ਜਾਂ ਬੈਠਣ ਸਮੇਂ ਪੱਗ ਬੰਨ੍ਹਦੇ ਹਨ।