ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਅਗਲੇ 4 ਦਿਨਾਂ ਦੌਰਾਨ ਤੇਜ਼ ਗਰਮੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਐਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ਪਹਿਲਾਂ ਹੀ 1.0 ਡਿਗਰੀ ਵੱਧ ਗਿਆ ਹੈ ਅਤੇ ਅੱਜ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਪਾਰ ਹੋ ਜਾਵੇਗਾ।
ਇਸ ਦੇ ਨਾਲ ਹੀ ਪਠਾਨਕੋਟ ‘ਚ ਸਭ ਤੋਂ ਵੱਧ ਤਾਪਮਾਨ 46.9 ਡਿਗਰੀ, ਬਠਿੰਡਾ ‘ਚ 45.9 ਡਿਗਰੀ ਅਤੇ ਅੰਮ੍ਰਿਤਸਰ ‘ਚ 45.1 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ ਹੋਰ ਸ਼ਹਿਰਾਂ ‘ਚ ਵੀ ਤਾਪਮਾਨ ਉੱਚਾ ਰਿਹਾ। ਮੌਸਮ ਵਿਭਾਗ ਨੇ ਹੀਟ ਸਟ੍ਰੋਕ ਦੇ ਵਧਣ ਦੇ ਖਤਰੇ ਦੀ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ, ਮੌਸਮ ਵਿਭਾਗ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ,ਫਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਾਲੇਰਕੋਟਲਾ ਤੇ ਫਤਿਹਗੜ੍ਹ ਲਈ ਯੈਲੋ ਐਲਰਟ ਜਾਰੀ ਕੀਤਾ ਗਿਆ ਹੈ ਜਦੋਂ ਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਆਰੇਂਜ ਐਲਰਟ ਜਾਰੀ ਕੀਤਾ ਗਿਆ ਹੈ। 13 ਜੂਨ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।