ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਵਚਨਬੱਧਤਾ ਤੋਂ ਬਾਅਦ, ਪੰਜਾਬ ਰੋਡਵੇਜ਼/ਪਨਬੱਸ ਅਤੇ PRTC ਦੇ ਠੇਕਾ ਕਾਮਿਆਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਨੇ 21 ਅਕਤੂਬਰ ਦੀ ਆਪਣੀ ਯੋਜਨਾਬੱਧ ਹੜਤਾਲ ਨੂੰ ਵਾਪਸ ਲੈ ਲਿਆ ਹੈ।
ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ CM ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ PRTC ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਇੱਕ ਸਮਰਪਿਤ ਵਿਭਾਗੀ ਕਮੇਟੀ ਦੀ ਸਥਾਪਨਾ ਕੀਤੀ ਗਈ ਹੈ।
ਇਸ ਦੇ ਨਾਲ ਹੀ ਭੁੱਲਰ ਨੇ ਦੱਸਿਆ ਕਿ ਪਿਛਲੀ ਕਮੇਟੀ ਦੇ ਵਿਚਾਰ-ਵਟਾਂਦਰੇ ਵਿੱਚ ਮੁਲਾਜ਼ਮਾਂ ਦੀਆਂ ਕਈ ਮੰਗਾਂ ਪ੍ਰਵਾਨ ਕੀਤੀਆਂ ਗਈਆਂ ਹਨ। ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਾਅਦਾ ਕੀਤਾ ਕਿ 22 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਜਿਕਰਯੋਗ, ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਹੱਲ ਕਰਨ ਅਤੇ ਅਗਲੀ ਮੀਟਿੰਗ ਲਈ ਠੋਸ ਪ੍ਰਸਤਾਵ ਤਿਆਰ ਕਰਨ। ਭੁੱਲਰ ਨੇ ਕਿਹਾ ਕਿ ਸਰਕਾਰ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਕਈ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਅਤੇ ਇਨ੍ਹਾਂ ਦੇ ਪਰਿਵਾਰਾਂ ਦੀ ਭਵਿੱਖੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਟਰਾਂਸਪੋਰਟ ਮੰਤਰੀ ਨੇ ਸੇਵਾ ਪ੍ਰਦਾਨ ਕਰਨ ਵਾਲੀ ਏਜੰਸੀ ਦੇ ਠੇਕੇਦਾਰਾਂ ਦੀਆਂ ਬੇਨਿਯਮੀਆਂ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਤਨਖਾਹਾਂ ਅਤੇ ਭੱਤੇ ਦੇਣ।
ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਠੇਕੇਦਾਰਾਂ ਨਾਲ ਜਲਦੀ ਮੀਟਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਭੁੱਲਰ ਨੇ ਦੱਸਿਆ ਕਿ ਜਲਦੀ ਹੀ ਨਵੀਆਂ ਬੱਸਾਂ ਸਰਕਾਰੀ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਇੱਕ ਪ੍ਰਸਤਾਵ ਤਿਆਰ ਕਰਨ ਅਤੇ ਇਸ ਯੋਜਨਾ ਨੂੰ ਅੱਗੇ ਵਧਾਉਣ ਲਈ ਲੋੜੀਂਦੇ ਕਦਮ ਚੁੱਕਣ।