ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਅਰਦਾਸ ਉਪਰੰਤ ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ’ਤੇ ਲਾਏ ਗਏ ਦੋਸ਼ ਬੇਬੁਨਿਆਦ ਹਨ। ਜੇਕਰ ਗਿਆਨੀ ਹਰਪ੍ਰੀਤ ਸਿੰਘ ਕੋਲ ਕੋਈ ਸਬੂਤ ਹੈ ਤਾਂ ਉਹ ਗੁਰੂ ਪੰਥ ਦੀ ਕਚਹਿਰੀ ‘ਚ ਪੇਸ਼ ਕਰਨ। ਗਿਆਨੀ ਹਰਪ੍ਰੀਤ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ।
ਜ਼ਿਕਰਯੋਗ, 15 ਅਕਤੂਬਰ ਨੂੰ ਵਿਰਸਾ ਸਿੰਘ ਵਲਟੋਹਾ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਸਥਿਤੀ ਸਪਸ਼ਟ ਕਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਫੈਸਲਾ ਸੁਣਾਇਆ। ਇਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਅਤੇ ਫੇਰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ।
ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਵਿਰਸਾ ਸਿੰਘ ਵਲਟੋਹਾ ‘ਤੇ ਉਨ੍ਹਾਂ ਦੇ ਪਰਿਵਾਰ ਬਾਰੇ ਜਾਤੀ ਸੂਚਕ ਟਿੱਪਣੀ ਕਰਨ ਦਾ ਦੋਸ਼ ਲਗਾਇਆ। ਇਸ ਦੇ ਜਵਾਬ ਵਿੱਚ ਅੱਜ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਸੰਬੰਧੀ ਸਬੂਤ ਪੇਸ਼ ਕਰਨ ਲਈ ਕਿਹਾ ਹੈ।