ਖਾਲਿਸਤਾਨੀ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਡਿਬਰੂਗੜ੍ਹ ਜੇਲ੍ਹ ‘ਚ ਹਨ, ਉਨ੍ਹਾਂ ਨੂੰ ਆਪਣੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ 4 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸਿੰਘ ਦੀ ਬੇਨਤੀ ਦੀ ਪੜਤਾਲ ਉਪਰੰਤ DC ਘਣਸ਼ਾਮ ਥੋਰੀ ਨੇ ਇਸ ਨੂੰ ਪ੍ਰਵਾਨਗੀ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਸ਼ਰਤਾਂ ਦੇ ਨਾਲ ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਦਿੱਤੀ ਗਈ ਹੈ।
ਜ਼ਿਕਰਯੋਗ, ਉਹ 5 ਜੁਲਾਈ ਨੂੰ ਸਹੁੰ ਚੁੱਕਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਸਹੁੰ ਚੁੱਕਣ ਲਈ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ। ਅੰਮ੍ਰਿਤਪਾਲ ਆਪਣੇ ਸਾਥੀਆਂ ਸਮੇਤ ਇਸ ਸਮੇਂ ਡਿਬਰੂਗੜ੍ਹ ਜੇਲ੍ਹ ‘ਚ ਕੈਦ ਹੈ। ਜੇਲ੍ਹ ਕੱਟਣ ਦੇ ਬਾਵਜੂਦ ਉਹ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਅਤੇ ਜਿੱਤੇ।
ਹੁਣ ਜਦੋਂ ਉਹ ਸੰਸਦ ਮੈਂਬਰ ਹਨ ਤਾਂ ਉਨ੍ਹਾਂ ਦੇ ਬੁਲਾਰੇ ਅਤੇ ਵਕੀਲ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁੱਕਣ ਲਈ ਜ਼ੋਰ ਦੇ ਰਹੇ ਹਨ। ਅੰਮ੍ਰਿਤਪਾਲ ਨੇ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਸਹੁੰ ਚੁੱਕਣ ਦੀ ਅਪੀਲ ਕੀਤੀ ਹੈ। ਜੇਲ੍ਹ ਸੁਪਰਡੈਂਟ ਨੇ ਪੱਤਰ ਅੰਮ੍ਰਿਤਸਰ ਦੇ DC ਨੂੰ ਭੇਜ ਦਿੱਤਾ, ਜਿਸ ਨੇ ਇਸ ਨੂੰ ਪੰਜਾਬ ਸਰਕਾਰ ਅਤੇ ਅੰਤ ‘ਚ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਇਹ ਸਿਫ਼ਾਰਿਸ਼ ਕੀਤੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਲੋਕ ਸਭਾ ਸਪੀਕਰ ਦੀ ਮਨਜ਼ੂਰੀ ਤੋਂ ਬਾਅਦ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਚਾਰ ਦਿਨ ਦੀ ਪੈਰੋਲ ਦਿੱਤੀ ਹੈ। ਪੈਰੋਲ ਦੀਆਂ ਸ਼ਰਤਾਂ ਅੱਗੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤੀਆਂ ਗਈਆਂ ਹਨ।