ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ SGPC ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ‘ਚੋਂ ਦੂਤਾਵਾਸ ਨੇ 596 ਸ਼ਰਧਾਲੂਆਂ ਨੂੰ ਵੀਜੇ ਜਾਰੀ ਨਹੀਂ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ SGPC ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਮਗਰੋਂ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ।
ਜ਼ਿਕਰਯੋਗ, ਉਨ੍ਹਾਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ 11 ਤੇ 12 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ SGPC ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ‘ਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜੇ ਕੱਟਣ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਇਸ ਵਾਰ 1525 ‘ਚੋਂ 596 ਦੇ ਵੀਜੇ ਰੱਦ ਕਰਨੇ ਬੇਹੱਦ ਮੰਦਭਾਗਾ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਦਿੱਤੇ ਜਾਣ ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ।