ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਛੱਡ, ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਪੰਜਾਬ ਦੇ ਸਿਆਸੀ ਹਲਕਿਆਂ ਵਿਚ ਅਹਿਮ ਘਟਨਾਵਾਂ ਵਾਪਰ ਰਹੀਆਂ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਕ ਵੀਡੀਓ ਸੰਦੇਸ਼ ਰਾਹੀਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਨੇ ਪਹਿਲਾਂ ਵੀ BJP ਅਤੇ RSS ‘ਤੇ ਜਥੇਦਾਰਾਂ ਦੇ ਪ੍ਰਭਾਵ ਬਾਰੇ ਬਿਆਨ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਸੀ।

ਦੋਸ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ, ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦੇ ਹੋਏ ਅਕਾਲੀ ਦਲ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਵਲਟੋਹਾ ਨੂੰ ਸਾਰੀਆਂ ਮੈਂਬਰਸ਼ਿਪਾਂ ਅਤੇ ਅਹੁਦਿਆਂ ਤੋਂ ਹਟਾਉਣ ਦੀ ਹਦਾਇਤ ਕੀਤੀ। ਨਤੀਜੇ ਵਜੋਂ, ਉਸ ਨੂੰ 10 ਸਾਲ ਦੀ ਪਾਬੰਦੀ ਲੱਗੀ। ਪਰ ਹੁਣ ਵਿਰਸਾ ਸਿੰਘ ਵਲਟੋਹਾ ਨੇ ਖੁਦ ਅਕਾਲੀ ਦਲ ਛੱਡ ਕੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ”ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।” ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ”ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।

 

ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ। ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ। ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਰੂਹ ਤੋਂ ਪ੍ਰਵਾਨ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ।

ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ। ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ। ਹਾਂ ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ। ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।”

 

Leave a Reply

Your email address will not be published. Required fields are marked *