ਪੰਜਾਬ ‘ਚ ਕੜਾਕੇ ਦੀ ਠੰਢ ਤੇ ਸੀਤ ਲਹਿਰ ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਠੰਡੀਆਂ ਹਵਾਵਾਂ ਨੇ ਪੂਰੇ ਪੰਜਾਬ ਨੂੰ ਹੀ ਠਾਰਿਆ ਹੋਇਆ ਹੈ ਤੇ ਹਲੇ ਵੀ ਇਸ ਤੋਂ ਪੂਰੀ ਤਰ੍ਹਾਂ ਰਾਹਤ ਨਹੀਂ ਮਿਲ ਪਾ ਰਹੀਂ। ਕਈ ਇਲਾਕੇ ਅਜਿਹੇ ਹਨ ਜਿੱਥੇ ਅਜੇ ਵੀ ਸੰਘਣੀ ਧੁੰਦ ਛਾਈ ਹੋਈ ਹੈ ਹਾਲਾਂਕਿ ਕੁਝ ਇਲਾਕਿਆਂ ‘ਚ ਧੁੱਪ ਖਿੜੀ ਹੋਈ ਹੈ।
ਇਸ ਦੌਰਾਨ ਤਾਪਮਾਨ ‘ਚ ਕੋਈ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਨਹੀਂ ਮਿਲਿਆ। ਪੰਜਾਬ ‘ਚ ਘੱਟੋ-ਘੱਟ ਤਾਪਮਾਨ 3 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਹੈ ਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 5 ਡਿਗਰੀ ਦਾ ਸੁਧਾਰ ਹੋਇਆ ਹੈ।
ਇਸ ਦੇ ਨਾਲ ਹੀ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਹਾਲਾਤ ਆਮ ਵਾਂਗ ਹੋ ਗਏ ਹਨ। ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ, ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਦਿਨਾਂ ‘ਚ ਹਿਮਾਚਲ ‘ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਨਾ ਸਿਰਫ਼ ਹਿਮਾਚਲ ਵਿੱਚ ਸਗੋਂ ਪੰਜਾਬ ਅਤੇ ਹਰਿਆਣਾ ਵਿੱਚ ਵੀ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਪੰਜਾਬ ‘ਚ ਧੁੰਦ ਦੀ ਚਾਦਰ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਇਸ ਸਬੰਧੀ ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸਾ, ਬਠਿੰਡਾ, ਸੰਗਰੂਰ, ਪਟਿਆਲਾ, ਲੁਧਿਆਣਾ, ਮੋਗਾ, ਫਰੀਦਕੋਟ, ਤਰਨਤਾਰਨ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।