ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 28 ਅਕਤੂਬਰ ਨੂੰ SGPC ਦੇ ਜਨਰਲ ਹਾਊਸ ਵਿੱਚ ਅਹੁਦੇਦਾਰਾਂ ਦੀ ਹੋ ਰਹੀ ਚੋਣ ਦੌਰਾਨ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ AAP ਦੇ MLA, MP ਅਤੇ ਸੀਨੀਅਰ ਆਗੂ ਸਿੱਧੇ ਤੌਰ ‘ਤੇ SGPC ਮੈਂਬਰਾਂ ਨੂੰ ਭਰਮਾਉਣ ਅਤੇ ਡਰਾ ਧਮਕਾ ਕੇ ਵਿਰੋਧੀ ਧਿਰ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ‘ਚ ਸਿੱਧੇ ਤੌਰ ‘ਤੇ ਸਿਆਸੀ ਪਾਰਟੀਆਂ ਦਖਲ ਦੇ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਕੰਮ ਕਰਦੀ ਹੈ ਅਤੇ ਸਿੱਖ ਪਰੰਪਰਾਵਾਂ ਅਤੇ ਨੈਤਿਕਤਾ ਦੀ ਪਾਲਣਾ ਕਰਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਮੈਂਬਰਾਂ ਦੀ ਸੂਝ-ਬੂਝ ਅਤੇ ਇਮਾਨਦਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲਾਲਚ ਦੇ ਅੱਗੇ ਨਹੀਂ ਝੁਕਣਗੇ। ਐਡਵੋਕੇਟ ਧਾਮੀ ਨੇ ਉਨ੍ਹਾਂ ਦਾ ਲਗਾਤਾਰ ਸਮਰਥਨ ਕਰਨ ਵਾਲੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਨਾਮਜ਼ਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ।