ਗਿੱਦੜਬਾਹਾ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੰਤਿਮ ਦਿਨ ਉਸ ਸਮੇਂ ਭਾਰੀ ਸਿਆਸੀ ਖਲਬਲੀ ਮੱਚ ਗਈ ਜਦੋਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬਰਾੜ ਨੇ ਇਸ ਤੋਂ ਪਹਿਲਾਂ 25 ਅਕਤੂਬਰ ਨੂੰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।
ਇੱਕ ਪ੍ਰੈੱਸ ਕਾਨਫਰੰਸ ਦੌਰਾਨ ਬਰਾੜ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ 20 ਅਕਤੂਬਰ ਨੂੰ ਇੱਕ ਸਲਾਹਕਾਰ ਕਮੇਟੀ ਦੀ ਸਥਾਪਨਾ ਕੀਤੀ ਹੈ।ਉਨ੍ਹਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ 45 ਵਿੱਚੋਂ 25 ਪਿੰਡਾਂ ਵਿੱਚ ਚੋਣ ਸਬੰਧੀ ਲੋਕਾਂ ਨਾਲ ਸਲਾਹ ਕੀਤੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਸਲਾਹਕਾਰ ਕਮੇਟੀ ਦੇ ਕੁਝ ਮੈਂਬਰਾਂ ਨੇ ਰਾਜਾ ਵੜਿੰਗ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਬਰਾੜ ਨੂੰ ਹਲਕੇ ‘ਚ ਸਿਰਫ਼ 3000 ਵੋਟਾਂ ਮਿਲਣ ਦੀ ਸੰਭਾਵਨਾ ਹੈ ਪਰ ਜੇਕਰ ਉਹ ਚੋਣ ਲੜਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।
ਇਨ੍ਹਾਂ ਚੋਣਾਂ ਦੌਰਾਨ ਮਾੜੇ ਲੋਕਾਂ ਦਾ ਵਿਰੋਧ ਕਰਦੇ ਹੋਏ ਉਹ ਚੋਣ ਲੜ ਰਹੇ ਚੰਗੇ ਉਮੀਦਵਾਰਾਂ ਦਾ ਨੁਕਸਾਨ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਆਪਣੀ ਸਲਾਹਕਾਰ ਕਮੇਟੀ ਨਾਲ ਸਲਾਹ ਕਰਕੇ ਗਿੱਦੜਬਾਹਾ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸੂਰਤ ਕਾਂਗਰਸ ਨਾਲ ਗਠਜੋੜ ਨਹੀਂ ਕਰਨਗੇ ਅਤੇ ਜੋ ਵੀ ਉਨ੍ਹਾਂ ਦੇ ਸਮਰਥਕਾਂ ਤੋਂ ਪਹਿਲਾਂ ਫੈਸਲਾ ਕਰਨਗੇ ਉਹ ਉਨ੍ਹਾਂ ਦਾ ਫੁੱਲਾਂ ਨਾਲ ਸਨਮਾਨ ਕਰਨਗੇ।
ਇਸ ਤੋਂ ਇਲਾਵਾ ਜਗਮੀਤ ਬਰਾੜ ਨੇ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਉਹ ਪੰਜਾਬੀਆਂ ਦੇ ਮੁੱਦਿਆਂ, ਪੰਜਾਬ ਦੇ ਪਾਣੀਆਂ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ‘ਤੇ ਧਿਆਨ ਕੇਂਦਰਿਤ ਕਰਨਗੇ ਅਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧ ਨਹੀਂ ਰੱਖਣਗੇ।