ਦੇਸ਼ ‘ਚ ਹਵਾ ਪ੍ਰਦੂਸ਼ਣ ਗੰਭੀਰ ਪੱਧਰ ‘ਤੇ ਪਹੁੰਚ ਗਿਆ ਹੈ, ਦਿੱਲੀ ਵਿਚ AQI 400 ਤੋਂ ਪਾਰ ਹੋ ਗਿਆ ਹੈ। SC ਨੇ ਇਸ ਮੁੱਦੇ ‘ਤੇ ਆਪਣੀ ਅਸੰਤੁਸ਼ਟੀ ਜ਼ਾਹਰ ਕੀਤੀ ਹੈ। ਅਦਾਲਤ ਦੀਆਂ ਟਿੱਪਣੀਆਂ ਦੇ ਜਵਾਬ ‘ਚ, ਕੇਂਦਰ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ, ਇਸ ਅਭਿਆਸ ਵਿੱਚ ਸ਼ਾਮਲ ਕਿਸਾਨਾਂ ਦੇ ਜੁਰਮਾਨਿਆਂ ‘ਚ ਵਾਧਾ ਕੀਤਾ ਹੈ। ਵਾਤਾਵਰਣ ਮੰਤਰਾਲੇ ਨੇ ਵੀਰਵਾਰ ਨੂੰ ਜਾਰੀ ਇਕ ਨੋਟੀਫਿਕੇਸ਼ਨ ‘ਚ ਇਸ ਬਦਲਾਅ ਦਾ ਐਲਾਨ ਕੀਤਾ।
ਜ਼ਿਕਰਯੋਗ, 2 ਏਕੜ ਤੋਂ ਘੱਟ ਜ਼ਮੀਨ ‘ਤੇ 5,000 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ। 2 ਤੋਂ 5 ਏਕੜ ਤੱਕ ਦੀ ਜ਼ਮੀਨ ‘ਤੇ 10,000 ਰੁਪਏ ਅਤੇ 5 ਏਕੜ ਤੋਂ ਵੱਧ ਜ਼ਮੀਨ ‘ਤੇ 30,000 ਰੁਪਏ ਦਾ ਜ਼ੁਰਮਾਨਾ ਹੋਵੇਗਾ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਰਾਜਾਂ ਨੂੰ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਦੀ ਲੋੜ ਹੈ।
4 ਨਵੰਬਰ ਨੂੰ ਸੁਣਵਾਈ ਦੌਰਾਨ SC ਨੇ ਪੰਜਾਬ-ਹਰਿਆਣਾ ਨੂੰ 14 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਇਲਾਵਾ 23 ਅਕਤੂਬਰ ਨੂੰ ਅਦਾਲਤ ਨੇ ਕੇਂਦਰ ਸਰਕਾਰ ਨੂੰ ਵਾਤਾਵਰਨ ਸੁਰੱਖਿਆ ਐਕਟ (EPA) ਤਹਿਤ ਨਿਯਮ ਬਣਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਨਿਯੁਕਤੀ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ।
23 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ, SC ਨੇ ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਚੇਤਾਵਨੀ ਦਿੱਤੀ, “ਸਾਨੂੰ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕਰੋ।” ਜਸਟਿਸ ਅਭੈ ਐਸ ਓਕਾ, ਜਸਟਿਸ ਏ ਅਮਾਨਉੱਲਾ ਅਤੇ ਜਸਟਿਸ ਏ.ਜੀ ਮਸੀਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਖੇਤਾਂ ‘ਚ ਪਰਾਲੀ ਸਾੜਨ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਆਲੋਚਨਾ ਕਰਦਿਆਂ ਇਸ ਨੂੰ ਸਿਰਫ਼ ਧੋਖਾ ਕਰਾਰ ਦਿੱਤਾ।