ਅੱਜ CM Mann ਲੁਧਿਆਣਾ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਮੌਕੇ ਦਿੱਲੀ ਦੇ ਸਾਬਕਾ CM ਕੇਜਰੀਵਾਲ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਰਾਜ ਪੱਧਰੀ ਸਮਾਗਮ ‘ਚ CM 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ, ਜੋ ਕਿ ਹਾਲ ਹੀ ‘ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ 23 ਜ਼ਿਲ੍ਹਿਆਂ ‘ਚ ਨਵੀਆਂ ਚੁਣੀਆਂ ਗਈਆਂ 13,147 ਗ੍ਰਾਮ ਪੰਚਾਇਤਾਂ ਦਾ ਹਿੱਸਾ ਹਨ।
ਜ਼ਿਕਰਯੋਗ, 4 ਜ਼ਿਲ੍ਹਿਆਂ-ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਦੇ ਨਾਲ-ਨਾਲ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਗਏ ਪੰਚ, 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਆਪਣੀ ਸਹੁੰ ਚੁੱਕਣਗੇ।
ਪੰਚਾਇਤੀ ਚੋਣਾਂ ਦੌਰਾਨ CM ਨੇ ਸੂਬੇ ਦੇ ਵਸਨੀਕਾਂ ਨੂੰ ਧੜੇਬੰਦੀਆਂ ਨੂੰ ਪਾਸੇ ਰੱਖ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਦੀ ਅਪੀਲ ਕੀਤੀ, ਜਿਸ ਨਾਲ ਭਾਈਚਾਰਕ ਸਾਂਝ ਵਧੇਗੀ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਚੋਣ ‘ਚ ਰਾਜ ਭਰ ਵਿੱਚ ਕੁੱਲ 3,037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ, ਜਿਨ੍ਹਾਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ 336, ਗੁਰਦਾਸਪੁਰ ‘ਚ 335 ਅਤੇ ਤਰਨਤਾਰਨ ਦੇ 334 ਸਰਪੰਚ ਸ਼ਾਮਲ ਹਨ।
CM ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਗਮ ਲਈ ਢੁਕਵੀਆਂ ਤਿਆਰੀਆਂ ਨੂੰ ਯਕੀਨੀ ਬਣਾਇਆ ਹੈ, ਜਿਸ ਵਿੱਚ ਸੂਬੇ ਦੇ ਹਜ਼ਾਰਾਂ ਪੰਚਾਇਤੀ ਨੁਮਾਇੰਦਿਆਂ ਅਤੇ ਹੋਰਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਾਜ਼ਰੀਨ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।