ਪੰਜਾਬ-ਚੰਡੀਗੜ੍ਹ ‘ਚ ਪਹਾੜੀ ਖੇਤਰਾਂ ‘ਚ ਹਾਲ ਹੀ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਪਿਛਲੇ 3 ਦਿਨਾਂ ਵਿੱਚ ਤਾਪਮਾਨ ‘ਚ ਲਗਭਗ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਆਦਮਪੁਰ ਵਿੱਚ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ‘ਚ ਹੋਰ ਗਿਰਾਵਟ ਆ ਸਕਦੀ ਹੈ।
ਮੌਸਮ ਕੇਂਦਰ ਨੇ ਦੱਸਿਆ ਹੈ ਕਿ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਧੁੰਦ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ‘ਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਸ਼ਾਮਲ ਹਨ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਵਿਜ਼ੀਬਿਲਟੀ 50 ਮੀਟਰ ਤੱਕ ਘੱਟ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਐਤਵਾਰ ਤੱਕ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ।
ਪੰਜਾਬ ‘ਚ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਵਾਲੀ ਹੈ, ਜਿਸ ਦਾ ਮੌਸਮ ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਇਸ ਦਾ ਪ੍ਰਭਾਵ 2 ਦਿਨ ਤੱਕ ਰਹਿ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਸਮੇਤ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।