ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੜ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੜ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ।

 

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਹਰ ਪਿੰਡ ਤੱਕ ਪਹੁੰਚ ਨਾ ਹੋਣ ਅਤੇ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਵਿੱਚ ਅਸਫਲ ਹੋਣ ਦੀ ਸਖ਼ਤ ਨਿਖੇਧੀ ਕੀਤੀ।

ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਉਹ ਇਹ ਯਕੀਨੀ ਬਣਾਉਣ ਕਿ ਰਾਹਤ ਸਮੱਗਰੀ ਪਿੰਡਾਂ ਦੇ ਹਰ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਗਹਿਰੀ ਵੱਸੋਂ ਵਾਲੇ ਪਿੰਡਾਂ ਤੱਕ ਪਹੁੰਚ ਕਰਨੀ ਅਤੇ ਉਨ੍ਹਾਂ ਤੱਕ ਪਸ਼ੂਆਂ ਦਾ ਚਾਰਾ ਪਹੁੰਚਾਉਣਾ ਅਤਿ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਇਸ ਖੇਤਰ ਵਿੱਚ ਲਗਾਤਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਟੁੱਟੇ ਬੰਨ੍ਹਾਂ ਨੂੰ ਬੰਨ੍ਹਣ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *