ਗੈਂਗਸਟਰਾਂ ਨਾਲ ਸੰਬੰਧਿਤ ਅਪਰਾਧਾਂ ਦੀ ਰਿਪੋਰਟ ਹੈਲਪਲਾਈਨ ‘1800-330-1100’ ਉੱਤੇ ਕਰੋ- ਪੁਲਿਸ ਮੁਖੀ
-ਏਡੀਜੀਪੀ ਦੀ ਸਿੱਧੀ ਨਿਗਰਾਨੀ ਹੇਠ ਤੁਰੰਤ ਕੀਤੀ ਜਾਵੇਗੀ ਕਾਰਵਾਈ
-ਸਰਹੱਦ ਪਾਰ ਤੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਪੰਜਾਬ ਪੁਲਿਸ ਸਰਗਰਮ
– ਸਰਹੱਦੀ ਪੱਟੀ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਸੁਰੱਖਿਆ ਨੂੰ ਲੈ ਕੇ ਮੀਟਿੰਗ
– ਤਿਉਹਾਰਾਂ ਦੇ ਮੱਦੇ ਨਜ਼ਰ ਪੰਜਾਬ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ -57 ਵਾਧੂ ਕੰਪਨੀਆਂ ਵੀ ਕੀਤੀਆਂ ਤਾਇਨਾਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਵਿਰੁੱਧ ਜੰਗ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ। ਅੰਮ੍ਰਿਤਸਰ ਵਿਖੇ ਪ੍ਰੈੱਸ ਮਿਲਣੀ ਦੌਰਾਨ ਇਹ ਜਾਣਕਾਰੀ ਦਿੰਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਹੈਲਪਲਾਈਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਨਾਗਰਿਕਾਂ ਨੂੰ ਅਪਰਾਧ ਦੀ ਰਿਪੋਰਟ ਕਰਨ ਲਈ ਇੱਕ ਸਿੱਧਾ ਅਤੇ ਗੁਪਤ ਚੈਨਲ ਦਿੰਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਨਾਗਰਿਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਇਸ ਹੈਲਪਲਾਈਨ ‘ਤੇ ਕਾਲ ਕਰਨ ਵਾਲਿਆਂ ਦੀ ਪਛਾਣ ਸੁਰੱਖਿਅਤ ਰੱਖੀ ਜਾਵੇਗੀ ਅਤੇ ਪ੍ਰਾਪਤ ਹੋਈਆਂ ਰਿਪੋਰਟਾਂ ‘ਤੇ ਤੁਰੰਤ ਅਤੇ ਤਾਲਮੇਲ ਨਾਲ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਕਿਹਾ ਕਿ ਇਸ ਹੈਲਪਲਾਈਨ ਦੀ ਨਿਗਰਾਨੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਵੱਲੋਂ ਕੀਤੀ ਜਾਵੇਗੀ, ਤਾਂ ਜੋ ਹਰੇਕ ਜਾਣਕਾਰੀ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਅੱਜ ਅੰਮ੍ਰਿਤਸਰ ਵਿਖੇ ਸਰਹੱਦੀ ਜਿਲਿਆਂ ਦੇ ਪੁਲਿਸ ਮੁਖੀਆਂ ਜਿਸ ਵਿੱਚ ਡੀਆਈਜੀ ਬਾਰਡਰ ਰੇਂਜ ਸ ਨਾਨਕ ਸਿੰਘ, ਅੰਮ੍ਰਿਤਸਰ, ਬਟਾਲਾ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਅਤੇ ਏਆਈਜੀ ਐਸਐਸਓਸੀ ਨਾਲ ਮੀਟਿੰਗ ਕਰਨ ਉਪਰੰਤ ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਅਮਨ ਕਾਨੂੰਨ ਅਤੇ ਰਾਜ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਤਿਉਹਾਰਾਂ ਦੇ ਇਸ ਸੀਜਨ ਵਿੱਚ ਬੀਐਸਐਫ ਅਤੇ ਯਾਰ ਫੋਰਸ ਦੀਆਂ 57 ਹੋਰ ਕੰਪਨੀਆਂ ਦਾ ਸਾਥ ਲਿਆ ਗਿਆ ਹੈ।

ਉਹਨਾਂ ਕਿਹਾ ਕਿ ਆਪਰੇਸ਼ਨ ਸੰਦੂਰ ਤੋਂ ਬਾਅਦ ਪਾਕਿਸਤਾਨ ਦੀ ਖੁਫੀਆ ਏਜੰਸੀ ਵੱਲੋਂ ਲਗਾਤਾਰ ਰਾਜ ਵਿੱਚ ਸੁਰੱਖਿਆ ਨੂੰ ਸੰਨ੍ਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪਰ ਪੰਜਾਬ ਪੁਲਿਸ ਨੇ ਬੀਐਸਐਫ ਨਾਲ ਤਾਲਮੇਲ ਰੱਖਦੇ ਹੋਏ ਹਰ ਕੋਸ਼ਿਸ਼ ਨੂੰ ਫੇਲ੍ਹ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹੜਾ ਦਾ ਫਾਇਦਾ ਲੈਂਦੇ ਹੋਏ ਪਾਕਿਸਤਾਨ ਤੋਂ ਨਸ਼ੇ ਦੀ ਸਮਗਲਿੰਗ ਦੇ ਨਾਲ ਛੋਟੇ ਹਥਿਆਰਾਂ ਦੀ ਸਮਗਲਿੰਗ ਵੀ ਵੱਡੇ ਪੱਧਰ ਉੱਤੇ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਪੰਜਾਬ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਮਿਲ ਕੇ 2347 ਗੈਂਗਸਟਰ ਗ੍ਰਿਫਤਾਰ ਕੀਤੇ ਗਏ ਹਨ ਅਤੇ 886 ਕ੍ਰਿਮੀਨਲ ਮਡਿਊਲ ਫੇਲ੍ਰ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ ਦੌਰਾਨ 1968 ਹਥਿਆਰ ਵੱਖ-ਵੱਖ ਥਾਵਾਂ ਤੋਂ ਪੰਜਾਬ ਪੁਲਿਸ ਨੇ ਬਰਾਮਦ ਕੀਤੇ ਹਨ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ 20469 ਐਫਆਈਆਰ ਦਰਜ ਕੀਤੀਆਂ, ਜਿਨਾਂ ਵਿੱਚ 31252 ਕਥਿਤ ਦੋਸ਼ੀ ਵਿਅਕਤੀਆਂ ਉੱਤੇ ਕਾਰਵਾਈ ਕੀਤੀ ਗਈ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਕੋਲੋਂ 1350 ਕਿਲੋ ਹੈਰੋਇਨ, 433 ਕਿਲੋ ਅਫੀਮ, 24855 ਕਿਲੋ ਭੁੱਕੀ ਪੋਸਤ, 498 ਕਿਲੋ ਗਾਂਜਾ, 36 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਅਤੇ 12.72 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ।
ਉਹਨਾਂ ਫ਼ਿਰੌਤੀਆਂ ਸਬੰਧੀ ਆ ਰਹੀਆਂ ਕਾਲਾਂ ਬਾਰੇ ਪੁੱਛੇ ਜਾਣ ਉੱਤੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਅਪਰਾਧੀਆਂ ਵਿਰੁੱਧ ਖੁੱਲ ਕੇ ਸਾਹਮਣੇ ਆਉਣ, ਤਾਂ ਜੋ ਇਹਨਾਂ ਅਪਰਾਧੀਆਂ ਦਾ ਖਾਤਮਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ 90 ਫੀਸਦ ਕੇਸਾਂ ਵਿੱਚ ਇਹ ਫ਼ਿਰੌਤੀ ਫੋਨ ਲੋਕਲ ਕ੍ਰਿਮੀਨਲ ਵੱਲੋਂ ਕੀ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਅਸੀਂ ਸਾਈਬਰ ਟੀਮਾਂ ਦੀ ਸਹਾਇਤਾ ਨਾਲ ਹਰੇਕ ਕੇਸ ਦੀ ਜਾਂਚ ਕਰਕੇ ਜੋ ਵੀ ਵਿਅਕਤੀ ਚਾਹੇ ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਸ਼ਾਮਿਲ ਹੋਵੇ, ਨੂੰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ।
ਇਸ ਮੌਕੇ ਏਡੀਜੀਪੀ ਸ੍ਰੀ ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜਂਸ ਸ਼੍ਰੀ ਅਮਿਤ ਪ੍ਰਸ਼ਾਦ, ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
