ਬਾਂਸਾਂ ਵਾਲਾ ਬਾਜ਼ਾਰ ਅਗਨੀ ਪੀੜਤਾਂ ਨੂੰ ਸਰਕਾਰ 20-20 ਲੱਖ ਰੁਪਏ ਮੁਆਵਜ਼ਾ ਦੇਵੇ: ਓ. ਪੀ. ਸੋਨੀ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਰਾਮ ਬਾਗ ਚੌਂਕ ਨੇੜੇ ਬਾਂਸਾਂ ਵਾਲਾ ਬਾਜ਼ਾਰ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਭਾਰੀ ਨੁਕਸਾਨ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘਟਨਾ ਨੇ ਕਈ ਵਪਾਰੀਆਂ ਅਤੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਓ. ਪੀ. ਸੋਨੀ ਨੇ ਅੱਗ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਪੀੜਤ ਦੁਕਾਨਦਾਰਾਂ ਅਤੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਕਈ ਲੋਕਾਂ ਦੀ ਜ਼ਿੰਦਗੀ ਭਰ ਦੀ ਕਮਾਈ ਕੁਝ ਘੰਟਿਆਂ ਵਿੱਚ ਸੜ ਕੇ ਸੁਆਹ ਹੋ ਗਈ ਹੈ ਅਤੇ ਅਜਿਹੇ ਸਮੇਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਦੀ ਹਰ ਸੰਭਵ ਮਦਦ ਕਰੇ।
ਸੋਨੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਗ ਨਾਲ ਪ੍ਰਭਾਵਿਤ ਹਰ ਪਰਿਵਾਰ ਅਤੇ ਵਪਾਰੀ ਨੂੰ ਘੱਟੋ-ਘੱਟ 20-20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਕਾਰੋਬਾਰ ਅਤੇ ਜੀਵਨ ਨੂੰ ਮੁੜ ਲੀਹ ‘ਤੇ ਲਿਆ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੁਕਸਾਨ ਦਾ ਵਿਸ਼ੇਸ਼ ਸਰਵੇ ਕਰਵਾ ਕੇ ਹੋਏ ਅਸਲ ਨੁਕਸਾਨ ਅਨੁਸਾਰ ਵਾਧੂ ਸਹਾਇਤਾ ਵੀ ਦਿੱਤੀ ਜਾਣੀ ਚਾਹੀਦੀ ਹੈ।
ਓ. ਪੀ. ਸੋਨੀ ਨੇ ਕਿਹਾ ਕਿ ਇਸ ਘਟਨਾ ਨੇ ਫਾਇਰ ਸੇਫਟੀ ਪ੍ਰਬੰਧਾਂ ਅਤੇ ਐਮਰਜੈਂਸੀ ਸੇਵਾਵਾਂ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।
ਉਨ੍ਹਾਂ ਭਰੋਸਾ ਦਿੱਤਾ ਕਿ ਪੂਰੀ ਕਾਂਗਰਸ ਪਾਰਟੀ ਅਗਨੀ ਪੀੜਤਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ।
