ਪੰਜਾਬ ‘ਚ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ, ਕੁਲਦੀਪ ਸਿੰਘ ਧਾਲੀਵਾਲ ਨੇ ਦੱਸੇ ਅਰਜ਼ੀ ਪ੍ਰਕਿਰਿਆ ਦੇ ਵੇਰਵੇ

ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਬਾਰੇ ਜਾਣਕਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ

– 22 ਜੁਲਾਈ ਤੋਂ ਨਵੇਂ ਰਾਸ਼ਨ ਕਾਰਡਾਂ ਅਤੇ ਮੌਜੂਦਾ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਅਰਜ਼ੀਆਂ ਹੋਣਗੀਆਂ ਸ਼ੁਰੂ

– ਯੋਗ ਲਾਭਪਾਤਰੀਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਮਿਲੇਗਾ ਸਰਕਾਰੀ ਸਕੀਮਾਂ ਦਾ ਲਾਭ

Punjab-ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਸ੍ਰੀ ਧਾਲੀਵਾਲ ਨੇ ਦੱਸਿਆ ਕਿ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 22 ਜੁਲਾਈ ਤੋਂ 11 ਅਗਸਤ 2026 ਤੱਕ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਯੋਗ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਪਾਰਦਰਸ਼ੀ, ਡਿਜੀਟਲ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਣਾਲੀ ਰਾਹੀਂ ਚਲਾਈ ਜਾਵੇਗੀ, ਜਿਸ ਨਾਲ ਹਰ ਯੋਗ ਪਰਿਵਾਰ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਉਸ ਦਾ ਹੱਕ ਮਿਲੇਗਾ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡਾਂ ਵਿੱਚੋਂ 7 ਲੱਖ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਭੋਜਨ ਸੁਰੱਖਿਆ ਦਾ ਲਾਭ ਮਿਲੇਗਾ।

 

ਸ੍ਰੀ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਅਰਜ਼ੀ ਪ੍ਰਕਿਰਿਆ ਨੂੰ ਬਹੁਤ ਹੀ ਸਰਲ ਬਣਾਇਆ ਹੈ। ਯੋਗ ਬਿਨੈਕਾਰ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ (CSC), ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰਾਂ ਜਾਂ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਹਰ ਬਿਨੈਕਾਰ ਨੂੰ ਅਰਜ਼ੀ ਜਮ੍ਹਾਂ ਹੋਣ ਉਪਰੰਤ ਐਸ.ਐਮ.ਐਸ. ਰਾਹੀਂ ਰਸੀਦ ਪ੍ਰਾਪਤ ਹੋਵੇਗੀ ਅਤੇ ਉਹ ਆਪਣੀ ਅਰਜ਼ੀ ਦੀ ਸਥਿਤੀ ਵੀ ਆਨਲਾਈਨ ਦੇਖ ਸਕਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੂਰੀ ਪ੍ਰਕਿਰਿਆ ਵਿੱਚ ਡਿਜੀਟਲ ਵੈਰੀਫਿਕੇਸ਼ਨ, ਜੀਓ-ਟੈਗਿੰਗ, ਟਾਈਮ-ਸਟੈਂਪ ਅਤੇ ਸਰਕਾਰੀ ਡਾਟਾਬੇਸ ਰਾਹੀਂ ਆਨਲਾਈਨ ਜਾਂਚ ਕੀਤੀ ਜਾਵੇਗੀ, ਤਾਂ ਜੋ ਫ਼ਰਜ਼ੀ ਰਾਸ਼ਨ ਕਾਰਡਾਂ ‘ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ ਅਤੇ ਸਿਰਫ਼ ਯੋਗ ਪਰਿਵਾਰਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ, ਗੰਭੀਰ ਬਿਮਾਰੀਆਂ ਨਾਲ ਪੀੜਤ ਪਰਿਵਾਰਾਂ, ਕੱਚੇ ਘਰਾਂ ਵਿੱਚ ਰਹਿਣ ਵਾਲਿਆਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਨਵੇਂ ਯੋਗ ਲਾਭਪਾਤਰੀ ਨੂੰ 5 ਕਿਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਵੀ ਮੁਹੱਈਆ ਕਰਵਾਈ ਜਾਵੇਗੀ।

ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ 22 ਜੁਲਾਈ ਤੋਂ 11 ਅਗਸਤ ਤੱਕ ਆਪਣੀਆਂ ਅਰਜ਼ੀਆਂ ਜ਼ਰੂਰ ਜਮ੍ਹਾਂ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੰਤਵ ਹੈ ਕਿ ਕਿਸੇ ਵੀ ਹੱਕਦਾਰ ਪਰਿਵਾਰ ਨੂੰ ਉਸ ਦੇ ਹੱਕ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ ਅਤੇ ਹਰ ਲੋੜਵੰਦ ਤੱਕ ਸਰਕਾਰੀ ਸਹੂਲਤਾਂ ਪੂਰੀ ਪਾਰਦਰਸ਼ਤਾ ਨਾਲ ਪਹੁੰਚਣ।

Leave a Reply

Your email address will not be published. Required fields are marked *