ਪੰਜਾਬ ‘ਚ 3 ਦਿਨ ਰਹਿਣਗੀਆਂ ਬੰਦ ਸਰਕਾਰੀ ਬੱਸਾਂ | ਰੋਡਵੇਜ਼ ਮੁਲਾਜ਼ਮਾਂ ਨੇ 3,4 ਅਤੇ 5 ਅਗਸਤ ਤੱਕ ਹੜਤਾਲ ਦਾ ਦਿੱਤਾ ਐਲਾਨ
ਪੰਜਾਬ ‘ਚ ਆਉਣ ਵਾਲੇ ਹਫ਼ਤੇ ਸਰਕਾਰੀ ਬੱਸਾਂ ਦੇ ਪਹੀਏ 3 ਦਿਨਾਂ ਲਈ ਠੱਪ ਰਹਿ ਸਕਦੇ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਖਿਲਾਫ ਵੱਡਾ ਅੰਦੋਲਨ ਛੇੜਨ ਦਾ ਐਲਾਨ ਕੀਤਾ ਹੈ।ਯੂਨੀਅਨ ਦਾ ਦੋਸ਼ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਟਰਾਂਸਪੋਰਟ ਵਿਭਾਗ ‘ਚ ਹੋ ਰਹੇ ਕੱਚੇ ਮੁਲਾਜ਼ਮਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕ ਰਹੀ।
ਕਦੋਂ ਹੋਵੇਗੀ ਹੜਤਾਲ
ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ 3, 4 ਅਤੇ 5 ਅਗਸਤ ਨੂੰ ਪੂਰਨ ਚੱਕਾ ਜਾਮ ਕੀਤਾ ਜਾਵੇਗਾ। ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਸੂਬੇ ਭਰ ‘ਚ ਸਰਕਾਰੀ ਬੱਸਾਂ ਸੜਕਾਂ ‘ਤੇ ਨਹੀਂ ਚੱਲਣਗੀਆਂ।

ਹੋਰ ਕੀ ਕੀਤੇ ਐਲਾਨ
ਇਸ ਦੇ ਨਾਲ ਹੀ ਯੂਨੀਅਨ ਨੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੇ ਘਰਾਂ ਦੇ ਬਾਹਰ ਧਰਨੇ ਦੇਣ ਦਾ ਵੀ ਫੈਸਲਾ ਲਿਆ ਹੈ। ਵਿਧਾਨ ਸਭਾ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਭੁੱਖ ਹੜਤਾਲ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।ਸੋਮਵਾਰ ਨੂੰ ਪੰਜਾਬ ਦੇ ਸਾਰੇ 27 ਡਿਪੂਆਂ ਦੇ ਗੇਟਾਂ ‘ਤੇ ਯੂਨੀਅਨ ਵੱਲੋਂ ਰੋਸ ਰੈਲੀਆਂ ਵੀ ਕੀਤੀਆਂ ਗਈਆਂ।
ਸਰਕਾਰ ਨੂੰ ਦਿੱਤੀ ਚੇਤਾਵਨੀ
ਯੂਨੀਅਨ ਨੇ ਸਾਫ਼ ਕਿਹਾ ਕਿ ਜੇਕਰ ਸਰਕਾਰ ਜਾਂ ਪ੍ਰਬੰਧਕਾਂ ਨੇ ਮੁਲਾਜ਼ਮਾਂ ਖਿਲਾਫ ਕੋਈ ਦਮਨਕਾਰੀ ਕਾਰਵਾਈ ਕੀਤੀ ਤਾਂ ਇਹ ਅੰਦੋਲਨ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਜਾਵੇਗਾ। ਇਸ ਸਾਰੀ ਸਥਿਤੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮਹਿਕਮੇ ਦੀ ਹੋਵੇਗੀ।ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
