Sajjan Kumar ਦਾ ਦੇਹਾਂਤ, 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕੱਟ ਰਿਹਾ ਸੀ ਉਮਰ ਕੈਦ
Punjab-ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ANI ਦੇ ਸੂਤਰਾਂ ਮੁਤਾਬਕ, ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੱਜਣ ਕੁਮਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ।
1984 ਦੰਗਿਆਂ ਨਾਲ ਜੁੜੇ ਕਈ ਮਾਮਲਿਆਂ ‘ਚ ਆਇਆ ਨਾਮ
ਸੱਜਣ ਕੁਮਾਰ ਖ਼ਿਲਾਫ਼ 1984 ਦੇ ਦੰਗਿਆਂ ਨਾਲ ਸਬੰਧਤ ਕਈ ਮਾਮਲੇ ਚੱਲੇ। ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਪੰਜ ਸਿੱਖਾਂ ਦੇ ਕਤਲ ਅਤੇ ਗੁਰਦੁਆਰੇ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਦਸੰਬਰ 2018 ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਇਸ ਤੋਂ ਇਲਾਵਾ, ਸੁਲਤਾਨਪੁਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਸਤੰਬਰ 2023 ਵਿੱਚ ਰਾਊਜ਼ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ। ਹਾਲਾਂਕਿ, ਸਰਸਵਤੀ ਵਿਹਾਰ ਵਿੱਚ ਪਿਤਾ-ਪੁੱਤਰ ਦੇ ਕਤਲ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਫਰਵਰੀ 2025 ਵਿੱਚ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਬਾਅਦ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ।
ਕੌਣ ਸਨ ਸੱਜਣ ਕੁਮਾਰ?
ਸੱਜਣ ਕੁਮਾਰ ਦਾ ਜਨਮ 23 ਸਤੰਬਰ 1945 ਨੂੰ ਦਿੱਲੀ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣਾ ਸਿਆਸੀ ਸਫ਼ਰ ਦਿੱਲੀ ਨਗਰ ਨਿਗਮ ਦੇ ਕੌਂਸਲਰ ਵਜੋਂ ਸ਼ੁਰੂ ਕੀਤਾ। 1977 ਵਿੱਚ ਉਹ ਕੌਂਸਲਰ ਚੁਣੇ ਗਏ ਅਤੇ ਬਾਅਦ ਵਿੱਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੰਭਾਲੀ।
1980 ਵਿੱਚ ਉਹ ਬਾਹਰੀ ਦਿੱਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਸੰਸਦ ਮੈਂਬਰ ਚੁਣੇ ਗਏ। ਇਸ ਤੋਂ ਬਾਅਦ 1991 ਵਿੱਚ ਵੀ ਉਨ੍ਹਾਂ ਨੇ ਲੋਕ ਸਭਾ ਚੋਣ ਜਿੱਤੀ। 2004 ਵਿੱਚ ਉਨ੍ਹਾਂ ਨੇ ਬਾਹਰੀ ਦਿੱਲੀ ਸੀਟ ਤੋਂ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਸੀ।
ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਕਾਰੋਬਾਰ ਨਾਲ ਜੁੜੇ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਉਂਦੀ ਰਹੀ ਹੈ। ਉਨ੍ਹਾਂ ਨੂੰ ਕਾਂਗਰਸ ਦੇ ਸੀਨੀਅਰ ਆਗੂ ਸੰਜੇ ਗਾਂਧੀ ਦੇ ਕਰੀਬੀ ਸਾਥੀਆਂ ਵਿੱਚ ਗਿਣਿਆ ਜਾਂਦਾ ਸੀ।
ਦੰਗਿਆਂ ਦੇ ਮਾਮਲੇ ਵਿੱਚ ਕਿਵੇਂ ਹੋਈ ਕਾਰਵਾਈ?
1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਸੱਜਣ ਕੁਮਾਰ ਦੀ ਕਥਿਤ ਭੂਮਿਕਾ ਦੀ ਜਾਂਚ ਕਈ ਸਾਲਾਂ ਤੱਕ ਚੱਲਦੀ ਰਹੀ। ਬਾਅਦ ਵਿੱਚ ਨਾਨਾਵਤੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ।
2010 ਵਿੱਚ ਉਨ੍ਹਾਂ ਖ਼ਿਲਾਫ਼ ਕਤਲ, ਦੰਗਾ, ਅਪਰਾਧਿਕ ਸਾਜ਼ਿਸ਼ ਅਤੇ ਹਿੰਸਾ ਭੜਕਾਉਣ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ। 2013 ਵਿੱਚ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ, ਪਰ ਸੀਬੀਆਈ ਨੇ ਇਸ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ।
ਇਸ ਤੋਂ ਬਾਅਦ 17 ਦਸੰਬਰ 2018 ਨੂੰ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਨੂੰ 1984 ਦੇ ਦੰਗਿਆਂ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ। ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਸੱਜਣ ਕੁਮਾਰ ਨੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਵੀ ਕੀਤਾ, ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। 2022 ਵਿੱਚ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ, ਪਰ ਹੋਰ ਮਾਮਲੇ ਵਿੱਚ ਸਜ਼ਾ ਹੋਣ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ।
