Punjab-ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਚਹੁੰਮੁਖੀ ਪੇਂਡੂ ਵਿਕਾਸ ਨਾਲ ਪਿੰਡਾਂ ਤੋਂ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ੍ਹ: ਧਾਲੀਵਾਲ
ਅਜਨਾਲਾ ਹਲਕੇ ਵਿੱਚ 1.15 ਕਰੋੜ ਰੁਪਏ ਦੀ ਲਾਗਤ ਨਾਲ 3.17 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ
ਪੰਜਾਬ ਵਾਸੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਨ ਸਰਕਾਰ ਦੇ ਹੱਕ ਵਿੱਚ ਜੇਤੂ ਫ਼ਤਵੇ ਲਈ ਉਤਾਵਲੇ: ਧਾਲੀਵਾਲ
ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀ ਮੁਹਿੰਮ ਤਹਿਤ ਅੱਜ ਵੱਖ-ਵੱਖ ਪਿੰਡਾਂ ਵਿੱਚ 1.15 ਕਰੋੜ ਰੁਪਏ ਦੀ ਲਾਗਤ ਨਾਲ 3.17 ਕਿਲੋਮੀਟਰ ਲੰਮੀਆਂ ਚਾਰ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ।
ਇਸ ਤਹਿਤ ਪਿੰਡ ਪੰਡੋਰੀ ਸੁੱਖਾ ਸਿੰਘ ਤੋਂ ਅਜਨਾਲਾ-ਚੋਗਾਵਾਂ ਰੋਡ ਤੱਕ 35.69 ਲੱਖ ਰੁਪਏ, ਪਿੰਡ ਦੀ ਫ਼ਿਰਨੀ ਤੋਂ ਸ਼ਮਸ਼ਾਨ ਘਾਟ ਤੱਕ 16.73 ਲੱਖ ਰੁਪਏ, ਫ਼ਿਰਨੀ ਪਿੰਡ ਫੱਤੇਵਾਲ ਤੋਂ ਅੱਡਾ ਤੱਕ 27.41 ਲੱਖ ਰੁਪਏ ਅਤੇ ਪਿੰਡ ਆਬਾਦੀ ਬਾਬਾ ਗਮ ਚੁੱਕ ਸਾਹਿਬ ਤੋਂ ਛੰਨਾ ਤੱਕ 35.18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਨਾਲ ਪੇਂਡੂ ਲੋਕਾਂ ਨੂੰ ਆਪਣੇ ਹੀ ਪਿੰਡਾਂ ਵਿੱਚ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਪਿੰਡਾਂ ਤੋਂ ਸ਼ਹਿਰਾਂ ਵੱਲ ਹੋ ਰਹੀ ਮਜਬੂਰੀਵਸ਼ ਹਿਜਰਤ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਅਤੇ ਸ਼ਹਿਰੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਵਿਕਾਸ ਕਾਰਜਾਂ ਨੂੰ ਲੋੜ ਅਤੇ ਤਰਜੀਹ ਦੇ ਆਧਾਰ ’ਤੇ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਆਤਮ-ਨਿਰਭਰ ਅਤੇ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਲਈ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।ਸ. ਧਾਲੀਵਾਲ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਸਮੇਤ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ-ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ਦੇ ਨਾਲ-ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ।ਸ. ਧਾਲੀਵਾਲ ਨੇ ਪੰਜਾਬ ਵਾਸੀਆਂ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੱਥ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ-ਭਲਾਈ ਦੇ ਕੰਮਾਂ ਪ੍ਰਤੀ ਲੋਕਾਂ ਵਿੱਚ ਭਰੋਸਾ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦੇ ਹੱਕ ਵਿੱਚ ਫ਼ਤਵਾ ਦੇਣ ਲਈ ਉਤਸੁਕ ਹਨ।
ਇਸ ਮੌਕੇ ਪੰਚਾਂ-ਸਰਪੰਚਾਂ, ਪਿੰਡਾਂ ਦੇ ਮੋਹਤਬਰਾਂ, ਪਾਰਟੀ ਵਲੰਟੀਅਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
