ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਵੱਡਾ ਰੋਸ ਪ੍ਰਦਰਸ਼ਨ, ਭੰਡਾਰੀ ਪੁਲ ’ਤੇ ਲੱਗਿਆ ਜਾਮ
ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਸੜਕਾਂ ’ਤੇ ਉਤਰੇ ਸੰਗਠਨ, ਪੁਲਿਸ ਨੇ ਸੰਭਾਲਿਆ ਮੋਰਚਾ
ਅੰਮ੍ਰਿਤਸਰ: ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਪੰਜਾਬ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸੇ ਮਾਮਲੇ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਭੰਡਾਰੀ ਪੁਲ ’ਤੇ ਵਾਲਮੀਕਿ ਅਤੇ ਹੋਰ ਸਮਾਜਿਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸੜਕਾਂ ’ਤੇ ਇਕੱਠੇ ਹੋਏ ਅਤੇ ਡਾ. ਬੀ.ਆਰ. ਅੰਬੇਡਕਰ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਤਸਵੀਰਾਂ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਬਾਬਾ ਸਾਹਿਬ ਦੀ ਤਸਵੀਰ ਵਾਲਾ ਝੰਡਾ ਅਤੇ ਬੈਨਰ ਵੀ ਫੜੇ ਹੋਏ ਨਜ਼ਰ ਆ ਰਹੇ ਹਨ।

ਭੰਡਾਰੀ ਪੁਲ ’ਤੇ ਆਵਾਜਾਈ ਪ੍ਰਭਾਵਿਤ
ਰੋਸ ਪ੍ਰਦਰਸ਼ਨ ਕਾਰਨ ਭੰਡਾਰੀ ਪੁਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ। ਮੌਕੇ ’ਤੇ ਟ੍ਰੈਫਿਕ ਪੁਲਿਸ ਅਤੇ ਹੋਰ ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਵੱਡੀ ਗਿਣਤੀ ਵਿੱਚ ਆਟੋ, ਕਾਰਾਂ ਅਤੇ ਹੋਰ ਵਾਹਨ ਸੜਕ ’ਤੇ ਰੁਕੇ ਹੋਏ ਦਿਖਾਈ ਦਿੱਤੇ।ਪਹਿਲਾਂ ਜਥੇਬੰਦੀਆਂ ਨੇ 11 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਭੰਡਾਰੀ ਪੁਲ ’ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਲੁਧਿਆਣਾ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ।

ਜਥੇਬੰਦੀਆਂ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਫਿਲਹਾਲ ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਬਾਜ਼ਾਰ ਬੰਦ ਨਹੀਂ ਕਰਵਾਏ ਜਾਣਗੇ। ਉਨ੍ਹਾਂ ਦਾ ਮੁੱਖ ਧਿਆਨ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਵਾਉਣ ’ਤੇ ਹੈ।
ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਬਾਬਾ ਸਾਹਿਬ Dr. Bhimrao Ambedkar ਦੇ ਬੁੱਤ ਨਾਲ ਵਾਪਰੀ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਥੇਬੰਦੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
