ਮਾਝੇ ਵਿੱਚ ‘ਆਪ’ ਨੂੰ ਸਿਆਸੀ ਮਜ਼ਬੂਤੀ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਲ
ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਮਰਹੂਮ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ।
ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਅਤੇ ਪ੍ਰੇਰਨਾ ਸਦਕਾ ‘ਆਪ’ ਦਾ ਪੱਲਾ ਫੜਿਆ। ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਸੀ।

ਇਹ ਆਗੂ ਵੀ ਹੋਏ ‘ਆਪ’ ਵਿੱਚ ਸ਼ਾਮਲ
ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ ਡਾਇਰੈਕਟਰ, ਜਤਿੰਦਰ ਸਿੰਘ ਕੈਰੋਂ, ਫ਼ਤਿਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਨਵੇਂ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਪਰਿਵਾਰ ਦਾ ਹਿੱਸਾ ਬਣਾਇਆ।
ਰਵਿੰਦਰ ਸਿੰਘ ਬ੍ਰਹਮਪੁਰਾ ਮਰਹੂਮ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਿਆਸੀ ਵਿਰਾਸਤ ਨਾਲ ਜੁੜੇ ਹੋਏ ਹਨ ਅਤੇ ਖਡੂਰ ਸਾਹਿਬ ਹਲਕੇ ਦੀ ਸਿਆਸਤ ਵਿੱਚ ਸਰਗਰਮ ਰਹੇ ਹਨ।

‘ਆਪ’ ਲਈ ਮਾਝੇ ਵਿੱਚ ਵਧੀ ਸਿਆਸੀ ਸਰਗਰਮੀ
ਰਵਿੰਦਰ ਸਿੰਘ ਬ੍ਰਹਮਪੁਰਾ ਦੀ ਸ਼ਮੂਲੀਅਤ ਅਜਿਹੇ ਸਮੇਂ ਹੋਈ ਹੈ ਜਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰ ਰਹੀ ਹੈ। ਪਾਰਟੀ ਵੱਲੋਂ 20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਰਕਾਰ ਦੇ ਕੰਮਾਂ ਅਤੇ ਲੋਕ-ਭਲਾਈ ਸਕੀਮਾਂ ਬਾਰੇ ਘਰ-ਘਰ ਸੰਪਰਕ ਕੀਤਾ ਜਾ ਰਿਹਾ ਹੈ।
