Amritsar ’ਚ 99.31% ਝੋਨੇ ਦੀ ਖਰੀਦ ਮੁਕੰਮਲ, ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਹੋਇਆ ਸਰਗਰਮ

ਅੰਮ੍ਰਿਤਸਰ ਵਿੱਚ ਪ੍ਰਭਾਰੀ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ।

ਪ੍ਰਭਾਰੀ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਖਰੀਦ ਪ੍ਰਬੰਧਾਂ ਅਤੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ; ਅਧਿਕਾਰੀਆਂ ਨੂੰ ਸਮੇਂ ਸਿਰ Liftingਅਤੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼

ਪ੍ਰਭਾਰੀ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਖਰੀਦ ਏਜੰਸੀਆਂ ਨੂੰ ਨਿਰਵਿਘਨ ਖਰੀਦ ਅਤੇ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਉਣ ਦੀਆਂ ਹਦਾਇਤਾਂ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਤੇਜ਼ ਕਰਨ ’ਤੇ ਜ਼ੋਰ

ਪੰਜਾਬ ਸਰਕਾਰ ਦੇ ਸੀਨੀਅਰ I.A.S. ਅਧਿਕਾਰੀ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖਰੀਦ ਤੇ ਲਿਫ਼ਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,64,398 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,63,257 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤਰ੍ਹਾਂ ਮੰਡੀਆਂ ਵਿੱਚ ਆਏ ਕੁੱਲ ਝੋਨੇ ਵਿੱਚੋਂ 99.31 ਫ਼ੀਸਦੀ ਦੀ ਖਰੀਦ ਹੋ ਚੁੱਕੀ ਹੈ ਅਤੇ ਸਿਰਫ਼ 1,141 ਮੀਟ੍ਰਿਕ ਟਨ ਝੋਨੇ ਦੀ ਖਰੀਦ ਬਾਕੀ ਹੈ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਜਾਰੀ ਹੈ ਅਤੇ ਹੁਣ ਤੱਕ 44,241 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਸ੍ਰੀ ਕਮਲ ਕਿਸ਼ੋਰ ਯਾਦਵ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਰੋਜ਼ਾਨਾ ਬੋਲੀ ਲਗਾ ਕੇ ਕਿਸਾਨਾਂ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ (M.S.P.) ’ਤੇ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਕੀਤੀ ਜਾਵੇ, ਤਾਂ ਜੋ ਮੰਡੀਆਂ ਵਿੱਚ ਫ਼ਸਲ ਇਕੱਠੀ ਨਾ ਹੋਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ।

 

 

ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦਿਆਂ ਪ੍ਰਭਾਰੀ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਪਰਾਲੀ ਦੇ ਵਿਗਿਆਨਿਕ ਢੰਗ ਨਾਲ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਸੰਦਾਂ ਦੀ ਵਰਤੋਂ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਜ਼ਿਲ੍ਹੇ ਵਿੱਚ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਖੇਤੀ ਸੰਦਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨ, ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।

 

Leave a Reply

Your email address will not be published. Required fields are marked *