ਪਰਮਿੰਦਰ ਸਿੰਘ ਝੋਟਾ ਦੇ ਸਬੰਧ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਸਮੁੱਚੀਆਂ ਜਥੇਬੰਦੀਆਂ ਵੱਲੋਂ ਪੂਰਨ ਸਮਰਥਨ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੱਡੇ ਰੂਪ ਵਿੱਚ ਸ਼ਮੂਲੀਅਤ, ਅੰਮ੍ਰਿਤਸਰ ਸ਼ਹਿਰ ਮੁਕੰਮਲ ਬੰਦ
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ੍ਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਮੁੱਚੀਆਂ ਜਥੇਬੰਦੀਆਂ ਵੱਲੋਂ ਪੂਰਨ ਸਮਰਥਨ ਮਿਲਿਆ। ਇਸ ਸੱਦੇ ਦੇ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਸ਼ਹਿਰੀ ਟੀਮ ਨੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਪੰਜਾਬ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਹੇਠ ਬੰਦ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਵਿੱਚ ਲੋਕਾਂ ਨਾਲ ਸੰਪਰਕ ਕਰਦਿਆਂ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸ੍ਰ. ਪਰਮਿੰਦਰ ਸਿੰਘ ਝੋਟਾ ਦਾ ਮਾਮਲਾ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੇ ਖ਼ਾਤਮੇ ਅਤੇ ਇਨਸਾਫ਼ ਦੀ ਪ੍ਰਾਪਤੀ ਲਈ ਇਕਜੁੱਟ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾ ਪੰਜਾਬ ਦੇ ਹੱਕਾਂ, ਲੋਕਾਂ ਦੀ ਸੁਰੱਖਿਆ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੇ ਨਾਲ ਖੜ੍ਹਾ ਹੈ। ਅੰਤ ਵਿੱਚ ਪਾਰਟੀ ਦੀ ਸ਼ਹਿਰੀ ਟੀਮ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਵਾਲੀਆਂ ਸਮੁੱਚੀਆਂ ਜਥੇਬੰਦੀਆਂ, ਵਪਾਰੀਆਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣ।
