ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਅਹਿਮ ਐਲਾਨ ਕੀਤਾ ਹੈ, ਉਨ੍ਹਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਤਿੰਨ ਕੇਂਦਰੀ ਮੰਤਰੀਆਂ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਮੀਟਿੰਗ ‘ਚ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਪੂਰਵਕ ਚਰਚਾ ਕੀਤੀ ਗਈ।
ਇਸ ਦੇ ਨਾਲ ਹੀ CM ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ‘ਤੇ ਹੋਈ ਮੀਟਿੰਗ ਲਾਭਕਾਰੀ ਰਹੀ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ ‘ਤੇ ਆਮ ਸਹਿਮਤੀ ਬਣੀ ਹੈ। ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਮੁੱਢਲੀ ਮਨਜ਼ੂਰੀ ਦੇ ਦਿੱਤੀ ਹੈ। ਚਰਚਾ ਵਿੱਚ ਨਕਲੀ ਬੀਜ ਜਾਂ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਸਖ਼ਤ ਸਜ਼ਾ ਦੇਣ ਦੇ ਨਾਲ-ਨਾਲ ਝੋਨੇ ਦੀ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ‘ਤੇ ਵੀ ਧਿਆਨ ਦਿੱਤਾ ਗਿਆ।
ਜ਼ਿਕਰਯੋਗ ਭਗਵੰਤ ਮਾਨ ਨੇ ਕਿਸਾਨਾਂ ਲਈ ਆਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਅਸੀਂ ਨਹੀਂ ਚਾਹੁੰਦੇ ਕਿ ਸਾਡੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਮੁੜ ਤੋਂ ਟਰੈਕਟਰ ਲੈਕੇ ਬੈਰੀਕੇਡਾਂ ਦਾ ਸਾਹਮਣਾ ਕਰਨ ਅਤੇ ਨਾਲ ਹੀ ਫਸਲਾਂ ਤੇ MSP ਜਾਰੀ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦਲੀਲ ਦਿੱਤੀ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਨਾਲ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਨੁਕਸਾਨ ਹੋਵੇਗਾ।
ਇਸ ਤੋਂ ਇਲਾਵਾ, ਉਨ੍ਹਾਂ ਨੇ ਲੋਕਾਂ ਅਤੇ ਕਿਸਾਨਾਂ ਦੋਵਾਂ ਨੂੰ ਲਾਭ ਪਹੁੰਚਾਉਣ ਲਈ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਗੱਲਬਾਤ ਵਿੱਚ ਸ਼ਾਮਲ ਹੋਣ ਲਈ ਕੇਂਦਰ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਗੱਲਬਾਤ ਜਾਰੀ ਰੱਖਣ ਦੀ ਉਮੀਦ ਪ੍ਰਗਟਾਈ।