Parvinder Jhota ਕਤਲ ਮਾਮਲੇ ’ਤੇ Action’ਚ ਕੇਂਦਰ! Amit Shah ਨੇ ਕਿਹਾ- ਪੰਜਾਬ ਸਰਕਾਰ ਤੋਂ ਮੰਗਾਂਗੇ ਰਿਪੋਰਟ

Parvinder singh Jhota ਕਤਲ ਮਾਮਲੇ ’ਤੇ Amit Shah ਦਾ ਬਿਆਨ, ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ ਗ੍ਰਹਿ ਮੰਤਰਾਲਾ

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਅਤੇ ਦਿੜ੍ਹਬਾ ਵਿੱਚ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਤੇ ਕੇਂਦਰ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਗ੍ਰਹਿ ਮੰਤਰਾਲਾ ਇਨ੍ਹਾਂ ਦੋਵਾਂ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।

 

 

ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਦੇ ਵਧਦੇ ਖ਼ਤਰੇ ’ਤੇ ਚਿੰਤਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ Social Media Platform ਐਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਪ੍ਰਭਾਵ ਦਾ ਮੁੱਦਾ ਚੁੱਕਿਆ।ਉਨ੍ਹਾਂ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਅਤੇ ਦਿੜ੍ਹਬਾ ਵਿੱਚ ਇੱਕ ਪਿਤਾ ਵੱਲੋਂ ਕਥਿਤ ਦਬਾਅ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਜ਼ਿਕਰ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।ਉਨ੍ਹਾਂ ਮੁਤਾਬਕ, ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਅਤੇ ਸੰਗਠਿਤ ਅਪਰਾਧ ਇੱਕ ਵੱਡੀ ਚੁਣੌਤੀ ਬਣ ਰਹੇ ਹਨ। ਅਜਿਹੇ ਹਾਲਾਤ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪੈਦਾ ਹੁੰਦੀ ਹੈ।

 

ਪੰਜਾਬ ਸਰਕਾਰ ਤੋਂ ਦੋਵਾਂ ਮਾਮਲਿਆਂ ’ਤੇ ਮੰਗਿਆ ਜਾਵੇਗਾ ਜਵਾਬ

ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਮਾਨਸਾ ਅਤੇ ਦਿੜ੍ਹਬਾ ਦੀਆਂ ਘਟਨਾਵਾਂ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਜਾਂ ਜਵਾਬ ਮੰਗੇਗਾ। ਉਨ੍ਹਾਂ ਨੇ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਨੂੰ ਲੈ ਕੇ ਵੀ ਸਵਾਲ ਉਠਾਏ।

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਮਾਮਲਾ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਿਆਸੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ

ਆਪਣੀ ਪੋਸਟ ਵਿੱਚ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣਾ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨਾ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਅਨੁਸਾਰ, ਸੂਬੇ ਵਿੱਚ ਅਜਿਹਾ ਕਾਨੂੰਨੀ ਪ੍ਰਬੰਧ ਹੋਣਾ ਚਾਹੀਦਾ ਹੈ, ਜਿਸ ਵਿੱਚ ਕੋਈ ਵੀ ਨਾਗਰਿਕ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਨਾ ਹੋਵੇ।

 

Leave a Reply

Your email address will not be published. Required fields are marked *