ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਤੇ ਨਸ਼ਾ ਮੁਕਤ ਪੰਜਾਬ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਤਹਿਤ ਇਤਿਹਾਸਕ ਗੁਰਦੁਆਰਿਆਂ ਵਿੱਚ ਅਰਦਾਸ ਸਮਾਗਮ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਅਤੇ ਸੁਨਹਿਰੇ ਭਵਿੱਖ ਲਈ ਕੀਤੀ ਅਰਦਾਸ

 

 

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਕਰਨ ਦੇ ਕੀਤੇ ਗਏ ਆਦੇਸ਼ ਅਨੁਸਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਦੇ ਚਰਨਾਂ ਵਿੱਚ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ, ਨੌਜਵਾਨਾਂ ਨੂੰ ਚੰਗੀ ਸੇਧ ਅਤੇ ਸੁਨਹਿਰੇ ਭਵਿੱਖ ਦੀ ਬਖ਼ਸ਼ਿਸ਼ ਕਰਨ ਅਤੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਅਰਦਾਸ ਕੀਤੀ ਗਈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਅਰਦਾਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸੰਗਤ ਨੇ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਪਰੰਤ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੀ ਬਜਾਏ ਨਸਿ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਜਿਨ੍ਹਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾ ਕੇ ਗੁਰਮਤਿ ਦੇ ਮਾਰਗ ਨਾਲ ਜੋੜਨਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਡਟ ਕੇ ਖੜ੍ਹਨ ਵਾਲੇ ਸ. ਪਰਵਿੰਦਰ ਸਿੰਘ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੁਹਿਰਦ ਯਤਨਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *