SDM Alka Kalia ਵੱਲੋਂ ਮਕਬੂਲਪੁਰਾ ਦਾ ਦੌਰਾ
ਇਲਾਕਾ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ
SDM Amritsar-1 ਸ੍ਰੀਮਤੀ ਅਲਕਾ ਕਾਲੀਆ ਨੇ ਬੀਤੀ ਸ਼ਾਮ ਪੁਲਿਸ ਅਧਿਕਾਰੀਆਂ ਦੇ ਨਾਲ ਨਸ਼ਿਆਂ ਦੇ ਹੌਟਸਪੌਟ ਇਲਾਕੇ ਮਕਬੂਲਪੁਰਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਸ੍ਰੀਮਤੀ ਅਲਕਾ ਕਾਲੀਆ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜਿਸ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਵੀ ਅਹਿਮ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਵਿੱਚੋਂ ਬਾਹਰ ਕੱਢਣ ਲਈ ਮੁਫ਼ਤ ਇਲਾਜ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ੇ ਦੀ ਲਤ ਦਾ ਸ਼ਿਕਾਰ ਹੈ, ਤਾਂ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਲਾਜ ਲਈ ਸਰਕਾਰੀ ਸਿਹਤ ਕੇਂਦਰ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ ਜਾਵੇ।

ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਕਰਦਾ ਹੈ, ਤਾਂ ਇਸ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਜਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇ, ਤਾਂ ਜੋ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਂਝੇ ਯਤਨਾਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
