Punjab ਦੀ ਸਿਆਸਤ ’ਚ ਵੱਡਾ ਸਿਆਸੀ ਉਲਟਫੇਰ? ਅਕਾਲੀ ਦਲ-BJP ਗਠਜੋੜ ਦਾ ਦੀਵਾਲੀ ਤੋਂ ਬਾਅਦ ਹੋ ਸਕਦੈ ਐਲਾਨ
Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗਠਜੋੜ ਨੂੰ ਲੈ ਕੇ ਵਧੀਆਂ ਸਿਆਸੀ ਸਰਗਰਮੀਆਂ, ਸੀਟਾਂ ਦੀ ਵੰਡ ’ਤੇ ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੀ ਗੱਲਬਾਤ
Punjab ਦੀ ਸਿਆਸਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚਰਚਾਵਾਂ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਦੋਵੇਂ ਪਾਰਟੀਆਂ ਦੀਵਾਲੀ ਤੋਂ ਬਾਅਦ ਗਠਜੋੜ ਸਬੰਧੀ ਰਸਮੀ ਐਲਾਨ ਕਰ ਸਕਦੀਆਂ ਹਨ। ਹਾਲਾਂਕਿ ਇਸ ਬਾਰੇ ਅਜੇ ਤੱਕ ਕਿਸੇ ਵੀ ਪਾਰਟੀ ਵੱਲੋਂ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
ਸਿਆਸੀ ਹਲਕਿਆਂ ਵਿੱਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ-ਵਟਾਂਦਰਾ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗਠਜੋੜ ਨੂੰ ਅੰਤਿਮ ਰੂਪ ਦੇਣ ਲਈ ਪ੍ਰਧਾਨ ਮੰਤਰੀ Narindera Modi ਵੀ ਬਠਿੰਡਾ ਦਾ ਦੌਰਾ ਕਰ ਸਕਦੇ ਹਨ। ਇਸ ਦੌਰੇ ਦੌਰਾਨ ਹੋਣ ਵਾਲੀ ਵੱਡੀ ਰੈਲੀ ਵਿੱਚ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਦੂਜੇ ਪਾਸੇ, ਕੇਂਦਰੀ ਗ੍ਰਹਿ ਮੰਤਰੀAmit Shah ਵੀ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਵਿੱਚ NDA ਦੀ ਸਰਕਾਰ ਬਣਨ ਦਾ ਭਰੋਸਾ ਜਤਾ ਚੁੱਕੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਵੱਲੋਂ ਵੀ ਗਠਜੋੜ ਦੇ ਮੁੱਦੇ ’ਤੇ ਆਪਣਾ ਪੱਖ ਰੱਖਿਆ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਤਸਵੀਰ ਸਪੱਸ਼ਟ ਹੋ ਜਾਵੇਗੀ।
Sukhbir Badal ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣ ਵਾਲੀਆਂ ਪਾਰਟੀਆਂ ਨਾਲ ਹੀ ਸਿਆਸੀ ਸਾਂਝ ਪਾਉਣ ਬਾਰੇ ਵਿਚਾਰ ਕਰੇਗਾ। ਇਨ੍ਹਾਂ ਬਿਆਨਾਂ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।
ਫਿਲਹਾਲ ਸਭ ਦੀਆਂ ਨਜ਼ਰਾਂ ਅਕਾਲੀ ਦਲ ਅਤੇ ਭਾਜਪਾ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ। ਜੇਕਰ ਦੋਵਾਂ ਪਾਰਟੀਆਂ ਵਿਚਾਲੇ ਸਹਿਮਤੀ ਬਣਦੀ ਹੈ ਤਾਂ ਪੰਜਾਬ ਦੀ ਆਉਣ ਵਾਲੀ ਚੋਣ ਸਿਆਸਤ ਵਿੱਚ ਨਵਾਂ ਸਮੀਕਰਨ ਦੇਖਣ ਨੂੰ ਮਿਲ ਸਕਦਾ ਹੈ। ਪਰ ਗਠਜੋੜ, ਸੀਟਾਂ ਦੀ ਵੰਡ ਅਤੇ ਰਸਮੀ ਐਲਾਨ ਨੂੰ ਲੈ ਕੇ ਅਜੇ ਅਧਿਕਾਰਤ ਫੈਸਲੇ ਦੀ ਉਡੀਕ ਹੈ।
