ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਇਨਕਮ ਟੈਕਸ ਅਫਸਰ ਸੁਨੀਲ ਦੱਤ ਨੂੰ 42,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੋਕੇ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਕੋਲ ਇੱਕ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 42,000/- ਰੁਪਏ ਦੀ ਰਿਸ਼ਵਤ ਲਈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ‘ਤੇ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਸਨ। ਇਸ ਰਿਪੋਰਟ ਦੇ ਆਧਾਰ ‘ਤੇ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਦੇ ਰੇਂਜ ਥਾਣੇ ਵਿਖੇ ਮੁਕੱਦਮਾ ਦਰਜ ਕਰਕੇ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।