ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ 13 ਫਰਵਰੀ ਨੂੰ ਆਪਣੇ ਹੱਕਾਂ ਦੀ ਮੰਗ ਲਈ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਹਨ। ਉਹ ਖਾਸ ਤੌਰ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਯਕੀਨੀ ਬਣਾਉਣ ਵਾਲੇ ਕਾਨੂੰਨ ਦੀ ਮੰਗ ਕਰ ਰਹੇ ਹਨ।
ਇਸ ਦੇ ਨਾਲ ਹੀ ਕਿਸਾਨਾਂ ਦੇ ਧਰਨੇ ਕਾਰਨ ਸਰਕਾਰ ਨੇ ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਦਿੱਲੀ ਵੱਲ ਰਵਾਨਾ ਹੋਣ ਤੋਂ ਪਹਿਲਾਂ ਕਿਸਾਨ ਅਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਅਰਦਾਸ ਕੀਤੀ।
ਕਿਸਾਨ ਆਗੂਆਂ ਬਲਦੇਵ ਸਿੰਘ ਸਿਰਸਾ, ਸੁਖਜੀਤ ਸਿੰਘ ਝੰਡ, ਅਮਰਜੀਤ ਸਿੰਘ ਰੋਡਾ ਨੇ ਐਲਾਨ ਕੀਤਾ ਕਿ ਕਿਸਾਨ ਜਲਦ ਹੀ ਦਿੱਲੀ ਪੁੱਜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ, ਦੇਸ਼ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੋਰ ਕਿਸਾਨ ਜਥੇਬੰਦੀਆਂ ਵੀ ਸ਼ਨੀਵਾਰ ਨੂੰ ਦਿੱਲੀ ਲਈ ਰਵਾਨਾ ਹੋਈਆਂ ਸਨ ਪਰ ਫਿਲਹਾਲ ਬਿਆਸ ਨੇੜੇ ਹੀ ਰੁਕੀਆਂ ਹੋਈਆਂ ਹਨ। ਇਹ ਸਾਰੀਆਂ ਜਥੇਬੰਦੀਆਂ ਦਿੱਲੀ ਵੱਲ ਰਵਾਨਾ ਹੋਣ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ।