ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਹੜਤਾਲ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਇਸ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੈ ਲੋਕਾਂ ‘ਚ ਗ਼ਲਤ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਪੈਟਰੋਲ ਪੰਪ ਬੰਦ ਰਹਿਣਗੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਉਹ ਡੀਲਰਾਂ ਦੇ ਮਾਰਜਿਨ ਨੂੰ ਵਧਾਉਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਜਾਣਗੀਆਂ ਅਤੇ ਮੰਗਾਂ ਸਬੰਧੀ ਅਗਲੀ ਮੀਟਿੰਗ 22 ਫਰਵਰੀ ਨੂੰ ਮੁੰਬਈ ਵਿਖੇ ਹੋਣੀ ਹੈ।
ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕੁਝ ਲੋਕ ਐਸੋਸੀਏਸ਼ਨ ਦੇ ਨਾਂ ਦੀ ਦੁਰਵਰਤੋਂ ਕਰ ਰਹੇ ਹਨ। ਇਨ੍ਹਾਂ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਨਵਰੀ ਵਿੱਚ, ਟਰੱਕ ਅਤੇ ਬੱਸ ਡਰਾਈਵਰਾਂ ਨੇ ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਹੜਤਾਲ ਕੀਤੀ, ਜਿਸ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪੈਟਰੋਲ, ਡੀਜ਼ਲ, ਸਬਜ਼ੀਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ‘ਚ ਵਿਘਨ ਪੈ ਰਿਹਾ ਹੈ। ਪੰਜਾਬ ਦੇ ਲਗਪਗ 40 ਫੀਸਦੀ ਪੰਪ ਇਸ ਸਮੇਂ ਪੈਟਰੋਲ ਅਤੇ ਡੀਜ਼ਲ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ।