ਭਾਰਤੀ ਕਿਸਾਨ ਯੂਨੀਅਨ ਨੇ 15 ਫਰਵਰੀ ਯਾਨੀ ਕਿ ਕੱਲ੍ਹ 12 ਵਜੇ ਤੋਂ ਪੰਜਾਬ ‘ਚ ਰੇਲ ਸੇਵਾਵਾਂ ਨੂੰ ਚਾਰ ਘੰਟਿਆਂ ਲਈ ਰੋਕਣ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਇਹ ਫੈਸਲਾ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਦੀ ਵਰਤੋਂ ਦੇ ਜਵਾਬ ‘ਚ ਕੀਤਾ ਹੈ।
ਜ਼ਿਕਰਯੋਗ, ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਟਰੇਨਾਂ ਨਹੀਂ ਚੱਲਣਗੀਆਂ। ਜਥੇਬੰਦੀ ਨੇ ਪਿਛਲੇ ਸਮੇਂ ਦੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕਰਨ ਦਾ ਫੈਸਲਾ ਵੀ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਰੇਲ ਸੇਵਾ ਬੰਦ ਕਰਨ ਦੇ ਫੈਸਲੇ ‘ਤੇ ਵਿਚਾਰ ਕਰਨ ਲਈ ਦੁਪਹਿਰ ਬਾਅਦ ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ।
ਇਸ ਤੋਂ ਇਲਾਵਾ ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਅਤੇ ਸਿਰਸਾ ਵਿੱਚ 15 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਦੌਰਾਨ ਰਾਜਸਥਾਨ ਦੇ ਤਿੰਨ ਜ਼ਿਲ੍ਹਿਆਂ ਸ੍ਰੀਗੰਗਾਨਗਰ, ਅਨੂਪਗੜ੍ਹ, ਹਨੂੰਮਾਨਗੜ੍ਹ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਅਤੇ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।