ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਮਾਨ ‘ਤੇ ਕਿਸਾਨਾਂ ਦਾ ਸਾਥ ਦੇਣ ‘ਚ ਨਾਕਾਮ ਰਹਿਣ ਦਾ ਦੋਸ਼ ਲਾਇਆ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਹਨਾਂ ਦੇ ਵਕੀਲ ਵਜੋਂ ਪੇਸ਼ ਹੋਣ ਦਾ ਡਰਾਮਾ ਕਰ ਕੇ ਗੁੰਮਰਾਹ ਕਰਨ ਦਾ ਯਤਨ ਕੀਤਾ ਸੀ ਜਦ ਕਿ ਸੱਚਾਈ ਇਹ ਹੈ ਕਿ ਭਗਵੰਤ ਮਾਨ ਇਸ ਸੰਕਟ ਦੀ ਘੜੀ ‘ਚ ਕਿਸਾਨਾਂ ਦੀ ਮਦਦ ਕਰਨ ‘ਚ ਨਾਕਾਮ ਰਹੇ ਹਨ।
ਅਕਾਲੀ ਦਲ ਦੇ ਆਗੂ ਨੇ CM ’ਤੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਦੌਰਾਨ ਸਮਰਥਨ ਦੇਣ ਦਾ ਬਹਾਨਾ ਲਾ ਕੇ ਕਿਸਾਨਾਂ ਨੂੰ ਗੁਮਰਾਹ ਕੀਤਾ ਹੈ, ਉਨ੍ਹਾਂ ਮੁਤਾਬਕ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਸਾਨਾਂ ਦੀ ਹਮਾਇਤ ਨਹੀਂ ਕੀਤੀ, ਜਿਸ ਕਾਰਨ ਗੱਲਬਾਤ ਟੁੱਟ ਗਈ। ਪੰਜਾਬ ਦੇ ਕਿਸਾਨਾਂ ‘ਤੇ ਹਮਲੇ ਲਈ ਹਰਿਆਣਾ ਪੁਲਿਸ ਵਿਰੁੱਧ ਕਾਨੂੰਨੀ ਕਾਰਵਾਈ ਨਾ ਕਰਨ ਲਈ ਮੁੱਖ ਮੰਤਰੀ ਦੀ ਆਲੋਚਨਾ ਵੀ ਕੀਤੀ, ਜਿਨ੍ਹਾਂ ਨੇ ਹੰਝੂ ਗੈਸ, ਪੈਲਟ ਗੰਨਾਂ ਤੇ ਰਬੜ ਦੀਆਂ ਗੋਲੀਆਂ ਨਾਲ ਪੰਜਾਬ ਦੇ ਕਿਸਾਨਾਂ ‘ਤੇ ਹਮਲੇ ਕੀਤੇ ਹਨ।
ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ਹੀਦ ਅਤੇ ਜ਼ਖਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ‘ਚ ਅਸਫਲ ਰਹਿਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਲਗਾਤਾਰ ਕਿਸਾਨਾਂ ਦਾ ਸਮਰਥਨ ਕੀਤਾ ਹੈ ਅਤੇ ਜਾਰੀ ਰਹੇਗਾ। ਅਸੀਂ ਸਵਾਮੀਨਾਥਨ ਕਮਿਸ਼ਨ ਦੇ ਸੁਝਾਵਾਂ ਦੇ ਆਧਾਰ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP), ਕਰਜ਼ਿਆਂ ਦੀ ਮੁਕੰਮਲ ਮੁਆਫ਼ੀ, ਅਤੇ ਵਾਧੂ 50 ਫ਼ੀਸਦੀ ਮੁਨਾਫ਼ੇ ਦੇ ਨਾਲ MSP ਦੇ ਕਾਨੂੰਨੀ ਭਰੋਸਾ ਦਾ ਪੂਰਾ ਸਮਰਥਨ ਕਰਦੇ ਹਾਂ।