ਖਨੌਰੀ ਸਰਹੱਦ ‘ਤੇ ਇਕ ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਅਸਥਾਈ ਤੌਰ ‘ਤੇ ਆਪਣੀ ਦਿੱਲੀ ਕੂਚ ਦੀ ਯਾਤਰਾ ਰੋਕ ਦਿੱਤੀ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਅਗਲੇ ਦੋ ਦਿਨਾਂ ਵਿੱਚ ਰਣਨੀਤੀ ਘੜੀ ਜਾਵੇਗੀ, ਜਿਸ ਦਾ ਫੈਸਲਾ 23 ਫਰਵਰੀ ਨੂੰ ਕੀਤਾ ਜਾਵੇਗਾ। ਇਸੇ ਦੌਰਾਨ ਯੂਨਾਈਟਿਡ ਕਿਸਾਨ ਮੋਰਚਾ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕੀਤੀ, ਜਿਸ ‘ਚ ਉਹਨਾਂ ਨੇ ਕਾਲਾ ਦਿਨ ਮਨਾਉਣ ਦਾ ਸੱਦਾ ਦਿੱਤਾ ਹੈ।
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਖਿਲਾਫ 302 ਦਾ ਪਰਚਾ ਦਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ। ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਹਰਿਆਣਾ ਪੁਲੀਸ ’ਤੇ ਪੰਜਾਬ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਅਤੇ ਟਰੈਕਟਰਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਹਰਿਆਣਾ ਪੁਲੀਸ ਅਤੇ ਗ੍ਰਹਿ ਮੰਤਰੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੇ ਨਾਲ-ਨਾਲ ਇਸ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਕਿਸਾਨਾਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਕਰਾਰ ਕੀਤਾ ਹੈ ਤੇ ਮ੍ਰਿਤਕ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਹ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕਣ ਦੀ ਯੋਜਨਾ ਬਣਾ ਰਹੇ ਹਨ। ਇਸ ਦੌਰਾਨ 14 ਮਾਰਚ ਨੂੰ ਰਾਮਲੀਲਾ ਮੈਦਾਨ ‘ਚ ਦੇਸ਼ ਵਿਆਪੀ ਮਹਾਪੰਚਾਇਤ ਹੋਣ ਵਾਲੀ ਹੈ।
ਜ਼ਿਕਰਯੋਗ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ 26 ਫਰਵਰੀ ਨੂੰ ਦੇਸ਼ ਵਿਆਪੀ ਟਰੈਕਟਰ ਪ੍ਰਦਰਸ਼ਨਾਂ ਦੀ ਯੋਜਨਾ ਦਾ ਐਲਾਨ ਕੀਤਾ, ਕਿਸਾਨਾਂ ਨੇ ਵੀ ਆਪਣੇ ਘਰਾਂ ਦੇ ਬਾਹਰ ਟਰੈਕਟਰ ਪਾਰਕ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਯੂਨਾਈਟਿਡ ਕਿਸਾਨ ਮੋਰਚਾ ਨੇ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਇੱਕ ਕਮੇਟੀ ਬਣਾਈ ਹੈ।