ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਪੱਤਰ ਭੇਜ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਅਤੇ ਨਿੱਜਤਾ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ‘ਚ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ। ਜ਼ਿਕਰਯੋਗ, ਇਨ੍ਹਾਂ ਵਿਅਕਤੀਆਂ ਦੇ ਪਰਿਵਾਰਾਂ ਨੇ ਪਿਛਲੇ 4 ਦਿਨਾਂ ਤੋਂ ਅੰਮ੍ਰਿਤਸਰ ‘ਚ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ।
ਇਸ ਦੌਰਾਨ ਪ੍ਰਧਾਨ ਧਾਮੀ ਨੇ ਸਰਕਾਰ ਨੂੰ ਇਸ ਮੁੱਦੇ ਦਾ ਤੁਰੰਤ ਹੱਲ ਕਰਨ ਦੀ ਲੋੜ ਜ਼ਾਹਰ ਕੀਤੀ ਹੈ। ਅਸਾਮ ਦੀ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੇ ਦੱਸਿਆ ਹੈ ਕਿ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਬੈਰਕਾਂ ‘ਚ ਕੈਮਰੇ ਅਤੇ ਰਿਕਾਰਡਰ ਲਗਾਉਣ ਸਮੇਤ ਪ੍ਰੇਸ਼ਾਨ ਕਰਨ ਅਤੇ ਨਿੱਜਤਾ ਦੀ ਉਲੰਘਣਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨਾਂ ਨੂੰ ਸਹੀ ਭੋਜਨ ਅਤੇ ਸਿਹਤ ਸੰਭਾਲ ਵੀ ਨਹੀਂ ਮਿਲ ਰਹੀ ਹੈ। ਇਸ ਲਈ ਪਰਿਵਾਰਾਂ ਨੇ ਰੋਸ ਵਜੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜੋ 4 ਦਿਨਾਂ ਤੋਂ ਚੱਲ ਰਹੀ ਹੈ, ਜਿਸ ਦਾ ਅਸਰ ਉਨ੍ਹਾਂ ਦੀ ਸਿਹਤ ‘ਤੇ ਪੈਣਾ ਸ਼ੁਰੂ ਹੋ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਲ੍ਹ ‘ਚ ਬੰਦ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਕੋਈ ਸਾਜ਼ਿਸ਼ ਰਚੀ ਜਾ ਰਹੀ ਹੈ। SGPC ਦੇ ਆਗੂ ਹੋਣ ਦੇ ਨਾਤੇ ਮੈਂ ਤੁਹਾਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਾ ਹਾਂ। ਸਰਕਾਰ ਨੂੰ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਤੋਂ ਅਲੱਗ ਕਰਨ ਦੀ ਬਜਾਏ ਇਸ ਮੁੱਦੇ ਨੂੰ ਗੰਭੀਰਤਾ ਨਾਲ ਹੱਲ ਕਰਨਾ ਚਾਹੀਦਾ ਹੈ, ਕਿਉਂਕਿ ਉਹ ਪੰਜਾਬ ਤੋਂ ਹਨ ਅਤੇ ਇਸ ਲਈ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ।