ਵਿਜੀਲੈਂਸ ਵਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਗਜੀਤ ਸਿੰਘ ਅਤੇ ਵਿੱਕਰੀ ਕਲਰਕ ਸੰਜੀਵ ਕੁਮਾਰ, ਇਨ੍ਹਾਂ ਦੋਨਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਦੌਰਾਨ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ SSP ਸ. ਗੁਰਸੇਵਕ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧ ‘ਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Leave a Reply

Your email address will not be published. Required fields are marked *