ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਮੇਅਰ ਦਾ ਅਹੁਦਾ ਸੰਭਾਲ ਲਿਆ ਹੈ। ਅੱਜ ਉਨ੍ਹਾਂ ਦੀ ਤਾਜਪੋਸ਼ੀ ਨੂੰ ਲੈ ਕੇ ਨਗਰ ਨਿਗਮ ‘ਚ ਜ਼ੋਰਦਾਰ ਸੁਆਗਤ ਕੀਤਾ ਗਿਆ। ਅਦਾਲਤ ਦੇ ਫੈਸਲੇ ਤੋਂ ਬਾਅਦ ਕੁਲਦੀਪ ਕੁਮਾਰ ਨੇ ਕਿਹਾ ਸੀ ਕਿ ਸੱਚਾਈ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਦਬਾਇਆ ਨਹੀਂ ਜਾ ਸਕਦਾ। ਲੋਕਤੰਤਰ ਨੂੰ ਜਿਉਂਦਾ ਰੱਖਣ ਲਈ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਲਿਆ ਹੈ।
ਇਸ ਦੇ ਨਾਲ ਹੀ ਉਹ ਆਪਣੇ ਨਿੱਜੀ ਕਾਰਨਾਂ ਕਰਕੇ ਮੰਗਲਵਾਰ ਨੂੰ ਆਪਣਾ ਅਹੁਦਾ ਨਹੀਂ ਸੰਭਾਲ ਪਾਏ ਸੀ, ਪਰ ਉਨ੍ਹਾਂ ਨੇ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਪਵਨ ਬਾਂਸਲ, ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਭਾਰੀ ਪ੍ਰਦੀਪ ਛਾਬੜਾ ਅਤੇ ਆਮ ਆਦਮੀ ਪਾਰਟੀ ਦੇ ਸਹਿ ਪ੍ਰਭਾਰੀ ਡਾ. ਸੰਨੀ ਆਹਲੂਵਾਲੀਆ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਮੌਜੂਦ ਸਨ।
ਇਸ ਤੋਂ ਇਲਾਵਾ ਨਵੇਂ ਮੇਅਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਡੰਪਿੰਗ ਗਰਾਊਂਡ ਦਾ ਖ਼ਾਤਮਾ ਕਰਨਗੇ ਤੇ ਚੰਡੀਗੜ੍ਹ ਵਾਸੀਆਂ ਨੂੰ 20000 ਲੀਟਰ ਪਾਣੀ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਇਹ ਵੀ ਕਿਹਾ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਨਿਰਪੱਖ ਤਰੀਕੇ ਨਾਲ ਕਾਰਵਾਈਆਂ ਜਾਣਗੀਆਂ।