ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ASI ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ।
ਇਸ ਤੋਂ ਇਲਾਵਾ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹੁਣ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।