29 ਮਾਰਚ ਨੂੰ ਹੋਵੇਗਾ SGPC ਦਾ ਬਜਟ ਇਜਲਾਸ- ਐਡਵੋਕੇਟ ਧਾਮੀ

SGPC ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਗਲੇ ਵਿੱਤੀ ਵਰ੍ਹੇ ਦਾ ਬਜਟ 29 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਸਬੰਧ ‘ਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ।

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਪੀਸੀਐਸ ਜੁਡੀਸ਼ਰੀ ਦੀ ਤਿਆਰੀ ਕਰਵਾਉਣ ਲਈ ਇਕ ਅਕੈਡਮੀ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਜੁਡੀਸ਼ੀਅਲ ਅਕੈਡਮੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਤ ਕੀਤੀ ਜਾਵੇਗੀ, ਜਿਸ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰਵਾਉਣ ਦੇ ਨਾਲ-ਨਾਲ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਇਸ ਅਕੈਡਮੀ ਵਿਚ ਨਿਰੋਲ ਮੈਰਿਟ ਦੇ ਅਧਾਰ ’ਤੇ ਕੀਤਾ ਜਾਇਆ ਕਰੇਗਾ।

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਯੂਟਿਊਬ ਚੈਨਲ ਸਥਾਪਤ ਕੀਤਾ ਜਾਵੇਗਾ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਅੰਤ੍ਰਿੰਗ ਕਮੇਟੀ ‘ਚ ਇਕ ਵਿਸ਼ੇਸ਼ ਮਤਾ ਪਾਸ ਕਰਦਿਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ। ਉਨ੍ਹਾਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸਿੱਖ ਨੌਜੁਆਨਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਵੀ ਕਰੜੀ ਨਿੰਦਾ ਕੀਤੀ। ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਰਮੇਸ਼ ਸਿੰਘ ਅਤੇ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਸਮੇਤ ਚੁਣੇ ਮੈਂਬਰਾਂ ਨੂੰ ਮੁਬਾਰਕਬਾਦ ਵੀ ਦਿੱਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਤੇ ਸ. ਜਸਵੰਤ ਸਿੰਘ ਪੁੜੈਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *