ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਵਿਧਾਨ ਸਭਾ ‘ਚ ਸਾਲ 2024-25 ਲਈ ਕੁੱਲ 2,04,918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਚੀਮਾ ਨੇ ਪਿਛਲੇ ਦੋ ਸਾਲਾਂ ‘ਚ 40,000 ਤੋਂ ਵੱਧ ਨੌਕਰੀਆਂ ਪੈਦਾ ਕਰਨ ਬਾਰੇ ਚਾਨਣਾ ਪਾਇਆ ਅਤੇ ਐਲਾਨ ਕੀਤਾ ਕਿ ਇਸ ਬਜਟ ‘ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਬਜਟ ਭਾਸ਼ਣ ਦੀ ਸਮਾਪਤੀ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾ ਨੇ ਸਦਨ ਦੀ ਕਾਰਵਾਈ ਕੱਲ ਸਵੇਰ ਤੱਕ ਲਈ ਮੁਲਤਵੀ ਕਰ ਦਿੱਤੀ।
ਸਰਕਾਰ ਨੇ ਇੰਡਸਟਰੀ ਲਈ ਸਬਸਿਡੀ ਦਾ ਐਲਾਨ ਕੀਤਾ ਹੈ, ਜਿਸ ‘ਚ ਸਬਸਿਡੀ ਵਾਲੀ ਬਿਜਲੀ ਲਈ 3.67 ਕਰੋੜ ਰੁਪਏ ਅਤੇ ਹੋਰ ਵਿੱਤੀ ਸਹਾਇਤਾ ਲਈ 50 ਕਰੋੜ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਸੈਰ-ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ‘ਚ ਸਮਾਰਕਾਂ, ਪਾਰਕਾਂ, ਪਿਕਨਿਕਾਂ ਅਤੇ ਇੱਕ ਨਵੇਂ ਈਕੋ-ਟੂਰਿਜ਼ਮ ਪ੍ਰੋਜੈਕਟ ਲਈ ਫੰਡ ਦਿੱਤੇ ਗਏ ਹਨ।
ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜਿਸ ‘ਚ 510 ਕਰੋੜ ਰੁਪਏ ਵਿਸ਼ੇਸ਼ ਤੌਰ ‘ਤੇ ਲੋੜਵੰਦਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ ਰੱਖੇ ਗਏ ਹਨ। ਇਸ ਤੋਂ ਇਲਾਵਾ, ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ‘ਚ ਈ-ਬੱਸਾਂ ਚਲਾਈਆਂ ਜਾਣਗੀਆਂ। ਪੇਂਡੂ ਵਿਕਾਸ ਲਈ 3154 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ 12 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਮਨਰੇਗਾ ਯੋਜਨਾ ਲਈ 655 ਕਰੋੜ ਰੁਪਏ ਅਤੇ ਰੋਜ਼ਗਾਰ ਦੇ ਮੌਕਿਆਂ ਲਈ ਪ੍ਰਧਾਨ ਮੰਤਰੀ ਸਿੰਚਾਈ ਯੋਜਨਾ ਲਈ 20 ਕਰੋੜ ਰੁਪਏ ਅਲਾਟ ਕੀਤੇ ਹਨ। 450 ਕਰੋੜ ਰੁਪਏ ਦੇ ਪ੍ਰਸਤਾਵਿਤ ਬਜਟ ਨਾਲ ਔਰਤਾਂ ਲਈ ਮੁਫਤ ਬੱਸ ਸੇਵਾ ਜਾਰੀ ਰਹੇਗੀ। ਸਰਕਾਰ ਨੇ ਰਾਜ ਦੇ ਵਸਨੀਕਾਂ ਨੂੰ 300 ਯੂਨਿਟ ਬਿਜਲੀ ਮੁਫਤ ਸਪਲਾਈ ਕਰਨ ਲਈ 780 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ।