ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਰਾਕੇਸ਼ ਪਰਾਸ਼ਰ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ‘ਚ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ: ਸਰਚਾਂਦ ਸਿੰਘ ਖੈਲਾ ਨੇ ਪਰਾਸ਼ਰ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਪਰਿਵਾਰ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਪਰਾਸ਼ਰ ਜੋ ਕਿ ਅਕਾਲੀ ਦਲ ਲੀਗਲ ਸੈੱਲ ਦੇ ਆਗੂ ਅਤੇ ਪੰਜਾਬ ਬ੍ਰਾਹਮਣ ਸਭਾ ਦੇ ਮੀਤ ਪ੍ਰਧਾਨ ਹਨ, ਉਨ੍ਹਾਂ ਨੂੰ ਇੱਕ ਮਿਹਨਤੀ ਅਤੇ ਇਮਾਨਦਾਰ ਆਗੂ ਵਜੋਂ ਦੇਖਿਆ ਜਾਂਦਾ ਹੈ।
ਇਸ ਦੇ ਨਾਲ ਹੀ ਭਾਜਪਾ ਨੇ ਉਸ ਦੇ ਤਜ਼ਰਬੇ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਹੈ ਅਤੇ ਪਰਾਸ਼ਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਤੋਂ ਪ੍ਰਭਾਵਿਤ ਸਨ, ਜਿਸ ਕਾਰਨ ਉਹ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਦਾ ਉਦੇਸ਼ ਆਪਣੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ: ਗੁਰਵਿੰਦਰ ਸਿੰਘ ਮਾਣੂੰਕੇ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਜਬੀਰ ਪਾਲ ਸਿੰਘ ਰੰਧਾਵਾ ਸਮੇਤ ਕਈ ਹੋਰ ਭਾਜਪਾ ਮੈਂਬਰ ਹਾਜ਼ਰ ਸਨ।