ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਉਨ੍ਹਾਂ ਸਮਾਜ ਅਤੇ ਨੌਜਵਾਨਾਂ ਦੇ ਬਦਲ ਰਹੇ ਹਾਲਾਤਾਂ ਬਾਰੇ ਚਰਚਾ ਕੀਤੀ। ਬਾਬਾ ਜੀ ਤੋਂ ਅਸ਼ੀਰਵਾਦ ਲੈਂਦਿਆਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬਾਬਾ ਜੀ ਦੀ ਬਾਣੀ ਅਤੇ ਉਨ੍ਹਾਂ ਦੀ ਸ਼ਖਸੀਅਤ ਦਾ ਲੋਕਾਂ ‘ਤੇ ਬਹੁਤ ਪ੍ਰਭਾਵ ਹੈ ਅਤੇ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਬਾਬਾ ਜੀ ਨੂੰ ਮਿਲਣ ਦਾ ਮੌਕਾ ਮਿਲਿਆ।
ਔਜਲਾ ਨੇ ਦੱਸਿਆ ਕਿ ਬਾਬਾ ਜੀ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਰਾਹਤ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਦਾ ਉਪਦੇਸ਼ ਦਿੱਤਾ ਹੈ ਅਤੇ ਲੋਕਾਂ ਨੂੰ ਡੇਰੇ ਨਾਲ ਜੋੜ ਕੇ ਉਨ੍ਹਾਂ ਨੂੰ ਬੁਰਾਈਆਂ ਤੋਂ ਦੂਰ ਰੱਖਦੇ ਹਨ। ਔਜਲਾ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੇ ਬਾਬਾ ਜੀ ਨਾਲ ਨੌਜਵਾਨਾਂ ਦੀ ਬਦਲ ਰਹੀ ਦਿਸ਼ਾ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਗੁਰੂ ਨਗਰੀ ਦੇ ਨਾਲ-ਨਾਲ ਪੂਰੇ ਦੇਸ਼ ‘ਚ ਨੌਜਵਾਨਾਂ ਨੂੰ ਵਧੀਆ ਮਾਹੌਲ ਮਿਲੇ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾਣ ਅਤੇ ਇੱਥੇ ਰਹਿ ਕੇ ਆਪਣੀ ਅਤੇ ਦੇਸ਼ ਦੀ ਤਰੱਕੀ ‘ਚ ਯੋਗਦਾਨ ਪਾਓਣ।