ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸਾਕੇ ਦੀ 40ਵੀਂ ਵਰ੍ਹੇਗੰਢ ਮੌਕੇ ਸਿੱਖਾਂ ਨੂੰ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਹਫ਼ਤਾ ਮਨਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੂੰ ਕਾਲੀਆਂ ਦਸਤਾਰਾਂ ਅਤੇ ਔਰਤਾਂ ਨੂੰ ਕਾਲਾ ਦੁਪੱਟਾ ਪਹਿਨਣ ਲਈ ਪ੍ਰੇਰਿਤ ਕੀਤਾ ਗਿਆ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ‘ਚ ਸਿੱਖ ਧਾਰਮਿਕ ਅਸਥਾਨਾਂ ’ਤੇ ਹੋਏ ਫੌਜੀ ਹਮਲੇ ਦੇ ਸਥਾਈ ਪ੍ਰਭਾਵਾਂ ਅਤੇ ਇਸ ‘ਚ ਸ਼ਾਮਲ ਵਿਅਕਤੀਆਂ ਨੂੰ ਇਨਸਾਫ਼ ਨਾ ਮਿਲਣ ’ਤੇ ਚਾਨਣਾ ਪਾਇਆ।
ਇਸ ਤੋਂ ਇਲਾਵਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਕੌਮ ਨੂੰ ਤੀਜੇ ਘੱਲੂਘਾਰੇ ਦੀ 40ਵੀਂ ਯਾਦ ਨੂੰ ਕੌਮੀ ਜਜ਼ਬੇ ਅਨੁਸਾਰ ਨਾਲ ਮਨਾਉਣ ਅਤੇ ਸਰਕਾਰ ਦੇ ਜ਼ੁਲਮਾਂ ਨੂੰ ਯਾਦ ਕਰਨ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ, ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਮਾਗਮ ਕਰਵਾਏ ਜਾਣਗੇ।