ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਲੋਕ ਸਭਾ ਚੋਣਾਂ 2024 ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ, ਜਿਸ ਦੌਰਾਨ ਸਵੇਰੇ ਹੀ ਪੋਲਿੰਗ ਬੂਥਾਂ ‘ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਪਹਿਲਾਂ ਹੀ ਆਪਣੀ ਵੋਟ ਪਾ ਚੁੱਕੇ ਹਨ। ਜਦਕਿ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਹਲਕੇ ‘ਚ ਕੁੱਲ 1,603,628 ਵੋਟਰ ਹਨ, ਜਿਨ੍ਹਾਂ ‘ਚ 848,196 ਪੁਰਸ਼ ਵੋਟਰ, 755,396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਇਸ ਸੀਟ ਲਈ ਮੁੱਖ ਦਾਅਵੇਦਾਰ ‘ਆਪ’ ਉਮੀਦਵਾਰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਂਗਰਸ ਉਮੀਦਵਾਰ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਅਤੇ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਚੀਮਾ ਹਨ।
ਇਸ ਤੋਂ ਇਲਾਵਾ ਇਸ ਸੀਟ ਲਈ ਕੁੱਲ 26 ਉਮੀਦਵਾਰ ਚੋਣ ਲੜ ਰਹੇ ਹਨ। ਗੁਰਦਾਸਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਬੂਥ ਨੰਬਰ 123 ‘ਤੇ EVM ਮਸ਼ੀਨ ‘ਚ ਤਕਨੀਕੀ ਖਰਾਬੀ ਕਾਰਨ ਵੋਟਿੰਗ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਸੀ ਪਰ ਇਸ ਸਮੱਸਿਆ ਨੂੰ ਜਲਦੀ ਹੱਲ ਕਰ ਲਿਆ ਗਿਆ |